Doda Bus Accident: ਜੰਮੂ-ਕਸ਼ਮੀਰ ਦੇ ਡੋਡਾ 'ਚ ਖੱਡ 'ਚ ਡਿੱਗੀ ਬੱਸ, 36 ਲੋਕਾਂ ਦੀ ਮੌਤ, ਕਈ ਜ਼ਖ਼ਮੀ, ਪੀਐਮ ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਅੱਸਰ ਇਲਾਕੇ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ 36 ਲੋਕਾਂ ਦੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
Download ABP Live App and Watch All Latest Videos
View In Appਪੀਐਮ ਮੋਦੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਵਾਪਰਿਆ ਬੱਸ ਹਾਦਸਾ ਦੁਖਦਾਈ ਹੈ। ਉਨ੍ਹਾਂ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।
ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ 'ਐਕਸ' 'ਤੇ ਇਕ ਬਿਆਨ 'ਚ ਕਿਹਾ ਕਿ ਸਥਾਨਕ ਪ੍ਰਸ਼ਾਸਨ ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜਾਂ 'ਚ ਸਰਗਰਮੀ ਨਾਲ ਲੱਗਾ ਹੋਇਆ ਹੈ।
ਦੱਸ ਦਈਏ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਇੱਕ ਬੱਸ ਅੱਸਰ ਇਲਾਕੇ ਦੇ ਟ੍ਰੁੰਗਲ ਨੇੜੇ ਢਲਾਣ ਤੋਂ ਕਰੀਬ 250 ਮੀਟਰ ਹੇਠਾਂ ਖਾਈ ਵਿੱਚ ਡਿੱਗ ਗਈ। ਕਾਫੀ ਉਚਾਈ ਤੋਂ ਡਿੱਗਣ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ। ਪੁਲਿਸ ਦੇ ਨਾਲ-ਨਾਲ ਬਚਾਅ ਦਲ ਅਤੇ ਕਈ ਸਥਾਨਕ ਅਧਿਕਾਰੀ ਬਚਾਅ ਕਾਰਜ 'ਚ ਲੱਗੇ ਹੋਏ ਹਨ।
ਹਾਦਸੇ ਨੂੰ ਲੈ ਕੇ ਡੋਡਾ ਪੁਲਿਸ ਕੰਟਰੋਲ ਰੂਮ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, ਕਿਸ਼ਤਵਾੜ ਤੋਂ ਜੰਮੂ ਜਾ ਰਹੀ ਇੱਕ ਬੱਸ ਡੋਡਾ ਜ਼ਿਲ੍ਹੇ ਦੇ ਅੱਸਰ ਇਲਾਕੇ ਵਿੱਚ ਸੜਕ ਤੋਂ 250 ਮੀਟਰ ਹੇਠਾਂ ਜਾ ਡਿੱਗੀ।