ਆਮ ਆਦਮੀ ਪਾਰਟੀ ਨੇ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਨਾਇਆ ਖੇਤੀ ਕਾਨੂੰਨ ਵਿਰੋਧੀ ਕਾਲਾ ਦਿਵਸ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਕਾਲੇ ਝੰਡੇ ਲਹਿਰਾ ਕੇ ‘ਕਾਲਾ ਦਿਵਸ’ ਮਨਾਇਆ ਗਿਆ। ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਆਪ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਕਾਲਾ ਦਿਵਸ ਮਨਾਉਂਦਿਆਂ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਖੇਤੀਬਾੜੀ ਨਾਲ ਸਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਆਵਾਜ਼ ਬੁਲੰਦ ਕੀਤੀ।
Download ABP Live App and Watch All Latest Videos
View In Appਇਸ ਸਮੇਂ ਆਪ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਸਮੁੱਚਾ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ ਤਾਂ ਉਸ ਸਮੇਂ ਕੇਂਦਰ ਨੂੰ ਖੇਤੀਬਾੜੀ ਖੇਤਰ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਲਈ ਨਾ ਤਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਅਤੇ ਨਾ ਹੀ ਦੇਸ਼ ਦੀਆਂ ਹੋਰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕੀਤੀ।
ਸੰਧਵਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ 6 ਮਹੀਨੇ ਬੀਤ ਗਏ ਹਨ ਅਤੇ 450 ਤੋਂ ਜ਼ਿਆਦਾ ਕਿਸਾਨ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨਾਂ ਦਾ ਦੇਸ਼ ਦੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਵਿਰੋਧ ਕਰ ਰਹੇ ਹਨ, ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ਼ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ।
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਦੇਸ਼ ਦਾ ਕਿਸਾਨ ਜਿਥੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ 6 ਮਹੀਨਿਆਂ ਤੋਂ ਅੰਦੋਲਨ ਕਰ ਰਿਹਾ ਹੈ, ਉਥੇ ਹੀ ਕੋਰੋਨਾ ਮਹਾਮਾਰੀ ਦਾ ਮੁਕਾਬਲਾ ਵੀ ਕਰ ਰਿਹਾ ਹੈ।
ਇਸ ਅੰਦੋਲਨ ਅਧੀਨ 450 ਤੋਂ ਜ਼ਿਆਦਾ ਅੰਦੋਲਨਕਾਰੀ ਸ਼ਹੀਦ ਹੋ ਚੁੱਕੇ ਹਨ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅੰਨੀ ਤੇ ਬੋਲੀ ਬਣ ਕੇ ਚੁੱਪਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਬੱਚਾ ਬੱਚਾ ਕਿਸਾਨੀ ਅੰਦੋਲਨ ਦੇ ਨਾਲ ਖੜ੍ਹਾ ਹੈ, ਇਸ ਲਈ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਦੀ ਗੱਲ ਮੰਨ ਕੇ ਤਿੰਨੋਂ ਕਾਲੇ ਕਾਨੂੰਨ ਵਾਪਸ ਲਵੇ, ਤਾਂ ਜੋ ਦੇਸ਼ ਦੇ ਵਿਕਾਸ ਦੀ ਗਤੀ ਬਣੀ ਰਹੇ।