ਅੰਮ੍ਰਿਤਸਰ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਰ ਟੇਕਿਆ ਮੱਥਾ, ਜਲਿਆਂਵਾਲਾ ਬਾਗ ਵੀ ਕੀਤਾ ਸਿਜਦਾ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਹਨ। ਉਨ੍ਹਾਂ ਦਾ ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਹਸਤੀਆਂ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਏ।
Download ABP Live App and Watch All Latest Videos
View In Appਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਕਾਫ਼ਲਾ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ। ਇੱਥੇ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਨਾਲ ਨਜ਼ਰ ਆਏ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਰਾਸ਼ਟਰਤੀ ਦਰੋਪਦੀ ਮੁਰਮੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਦਾ ਅਨੰਦ ਮਾਣਿਆ ਅਤੇ ਲੰਗਰ ਹਾਲ ਗੁਰੂ ਰਾਮਦਾਸ ਜੀ ਵਿਖੇ ਗਏ ਤੇ ਉਨ੍ਹਾਂ ਪੰਗਤ ਵਿਚ ਬੈਠ ਕੇ ਲੰਗਰ ਵੀ ਛੱਕਿਆ।
ਸ੍ਰੀ ਦਰਬਾਰ ਸਾਹਿਬ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਉਨ੍ਹਾਂ ਪਰਿਕਰਮਾ ਕੀਤੀ ਤੇ ਗੁਰੂ ਘਰ ਵਿੱਚ ਮਥਾ ਟੇਕਿਆ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਮੰਗ ਪੱਤਰ ਸੌਂਪੇ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾ ਮੰਗ ਪੱਤਰ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਤੇ ਦੂਜਾ ਮੰਗ ਪੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਮਾਨਤਾ ਸਬੰਧੀ ਸੌਂਪਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚੇ। ਅੰਮ੍ਰਿਤਸਰ 'ਚ ਉਨ੍ਹਾਂ ਦੁਰਗਿਆਣਾ ਮੰਦਰ ਤੇ ਫਿਰ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਿਆ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਦ੍ਰੋਪਦੀ ਮੁਰਮੂ 12 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਸਨ , ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਿਹਾ। ਇਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ 4 ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ।