ਪਰਨੀਤ ਕੌਰ ਨੇ ਧੀਆਂ ਦੀ ਲੋਹੜੀ ਮਨਾ ਕਾਂਗਰਸ ਲਈ ਕੀਤਾ ਲੋਕ ਸਭਾ ਚੋਣਾਂ ਦਾ ਪ੍ਰਚਾਰ
ਜਲੰਧਰ: ਸਾਬਕਾ ਕੇਂਦਰੀ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਧੀਆਂ ਦੀ ਲੋਹੜੀ ਮਨਾਈ।
ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਤੇ ਆਉਂਦੀਆਂ ਆਮ ਚੋਣਾਂ ਵਿੱਚ ਪੰਜਾਬ ਦੀਆਂ 13 ਸੀਟਾਂ ’ਤੇ ਕਾਂਗਰਸ ਪਾਰਟੀ ਨੂੰ ਜਿੱਤ ਪ੍ਰਾਪਤ ਹੋਵੇਗੀ।
ਜਲੰਧਰ ਵਿੱਚ ਹੀ 'ਧੀਆਂ ਦੀ ਲੋਹੜੀ' ਮਨਾਉਣ ਸਮੇਂ ਪਰਨੀਤ ਕੌਰ ਨੇ ਕਿਹਾ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਪਰੇਸ਼ਾਨ ਹੋਏ ਪਏ ਹਨ।
ਉਨ੍ਹਾਂ ਕਿਹਾ ਕਿ ਪੰਜ ਸੂਬਿਆਂ ਵਿੱਚ ਹੋਈਆਂ ਤਾਜ਼ਾ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦਾ ਮੋਦੀ ਸਰਕਾਰ ਪ੍ਰਤੀ ਗੁੱਸਾ ਖੁੱਲ੍ਹ ਕੇ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਸਾਰੀਆਂ 13 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਰਨੀਤ ਕੌਰ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਪਟਿਆਲਾ ਸੀਟ ਤੋਂ ਹੀ ਲੋਕ ਸਭਾ ਚੋਣ ਲੜਨ ਦੀ ਇਛੁੱਕ ਹਨ।
ਹਾਲਾਂਕਿ ਇਸ ਸਬੰਧੀ ਪਾਰਟੀ ਤੇ ਨਾ ਹੀ ਉਨ੍ਹਾਂ ਦੇ ਪਤੀ ਨੇ ਕੋਈ ਵੀ ਐਲਾਨ ਨਹੀਂ ਕੀਤਾ।
ਉਂਝ, ਪੰਜਾਬ ਦੇ ਦਿੱਗਜ ਕਾਂਗਰਸੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਸੀ।