ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1227 ਸਿੱਖ ਸ਼ਰਧਾਲੂਆਂ ਦਾ ਰਵਾਨਾ ਕੀਤਾ ਗਿਆ। ਇਹ ਜਥਾ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਤੇ ਬੀਬੀ ਸਵਰਨ ਕੌਰ ਤੇੜਾ ਦੀ ਅਗਵਾਈ ਹੇਠ ਜਥੇ ਨੂੰ ਰਵਾਨਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਨਾਲ ਜਨਰਲ ਪ੍ਰਬੰਧਕ ਵਜੋਂ ਕਰਨਜੀਤ ਸਿੰਘ ਇੰਚਾਰਜ ਯਾਤਰਾ ਵਿਭਾਗ ਗਏ ਹਨ।


ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1630 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 403 ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਏ ਹਨ। ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜਥੇ ਵਿੱਚੋਂ 400 ਤੋਂ ਵੱਧ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗੀ ਗੱਲ ਹੈ, ਕਿਉਂਕਿ ਇਸ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਠੇਸ ਪੁੱਜੀ ਹੈ।

ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਂਦੇ, ਪਰ ਪਾਕਿਸਤਾਨ ਦੂਤਾਵਾਸ ਨੇ ਭੇਜੇ ਗਏ ਪਾਸਪੋਰਟਾਂ ਵਿੱਚੋਂ ਵੀ ਵੀਜ਼ੇ ਰੱਦ ਦਿੱਤੇ ਹਨ, ਜਿਸ ਨਾਲ ਸਿੱਖ ਸੰਗਤਾਂ ਵਿਚ ਰੋਸ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਸਾਲ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਵਫ਼ਦ ਭੇਜਿਆ ਜਾਵੇਗਾ, ਜਦਕਿ ਇਸ ਜਥੇ ਦੇ ਆਗੂ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਰਕਾਰ ਦੇ ਸਬੰਧਤ ਵਿਭਾਗ ਦੇ ਨੁਮਾਇੰਦਿਆਂ ਨਾਲ ਗੱਲ ਕਰਨਗੇ।

ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਸਬੰਧੀ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਤੱਕ ਇਸ ਸਬੰਧ ਵਿੱਚ ਕਈ ਵਾਰ ਪਹੁੰਚ ਕੀਤੀ ਹੈ ਤੇ ਉਹ ਭਵਿੱਖ ਵਿੱਚ ਵੀ ਇਸ ਸਬੰਧੀ ਯਤਨ ਜਾਰੀ ਰੱਖਣਗੇ।