ਸੋਰਠਿ ਮਹਲਾ 5 ਘਰੁ 1 ਅਸਟਪਦੀਆ


ੴ ਸਤਿਗੁਰ ਪ੍ਰਸਾਦਿ ॥


ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥1॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥2॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥3॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥




ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥4॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥5॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥6॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥7॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥8॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ॥9॥1॥