ਧਨਾਸਰੀ ਮਹਲਾ 1 ਘਰੁ 2 ਅਸਟਪਦੀਆ
ੴ ਸਤਿਗੁਰ ਪ੍ਰਸਾਦਿ॥
ਗੁਰੁ ਸਾਗਰੁ ਰਤਨੀ ਭਰਪੂਰੇ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥1॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥1॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥2॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥3॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥4॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥5॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥6॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥7॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥8॥1॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ 1 ਘਰੁ 2 ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੂ ਮਾਨੋ ਇੱਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।1। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨਾ ਰਿਹਾ ਹੈ। ਉਥੋਂ ਉੁਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।1।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉੁਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।2।