ਪੰਜਾਬੀ ਵਿਆਖਿਆ :


ਵਡਹੰਸੁ ਮਹਲਾ ੩ ॥


ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਜਰੂਰ ਆ ਦਬਾਉਂਦਾ ਹੈ, ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਜਿੰਨ੍ਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ ਮੋਹ ਵਿਚ ਗ਼ਰਕ ਹੋਣ ਤੋਂ ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਨਹੀਂ ਆਉਂਦਾ ਉਹ ਇਸ ਸਰੀਰ ਦੇ ਮੋਹ ਵਿਚ ਫਸ ਕੇ ਮਰਦਾ ਹੈ, ਜੰਮਦਾ ਹੈ, ਮਰਦਾ ਹੈ। ਗੁਰੂ ਦੀ ਸ਼ਰਨ ਨਾਹ ਪੈਣ ਵਾਲੇ ਮਨੁੱਖ ਸਰੀਰਕ ਮੋਹ ਵਿਚ ਫਸ ਕੇ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾਂ ਉਹਨਾਂ ਨੂੰ ਕਦੇ ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਉਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਇਸ ਲੋਕ ਵਿਚ ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ, ਪਰਲੋਕ ਵਿਚ ਭੀ, ਉਸ ਦੇ ਆਤਮਕ ਜੀਵਨ ਵਾਸਤੇ ਘੁੱਪ ਹਨੇਰਾ, ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, ਇਸ ਦੁਨੀਆ ਵਾਲਾ ਕੋਈ ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ। ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਜ਼ਰੂਰ ਆ ਜਾਂਦਾ ਹੈ, ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ।੧। ਹੇ ਭਾਈ! ਮੁਨੱਖ ਦਾ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। ਤਦੋਂ ਮਨੁੱਖ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਹੇ ਭਾਈ! ਜਿੰਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਮਨੁੱਖ ਦਾ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।




ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ ਸਿਫ਼ਤਿ ਸਾਲਾਹ ਕਰਨ ਦੀ ਅਕਲ ਦੇ ਦੇਵੇ। ਗੁਰੂ ਦੀ ਸ਼ਰਨ ਤੋਂ ਬਿਨਾਂ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ ਮਸਤ ਰਹਿੰਦੀਆਂ ਹਨ। ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ ਜਗਤ ਵਿਚ ਕੋਈ ਨਹੀਂ ਦਿੱਸਦਾ ਇਸ ਵਾਸਤੇ ਪਰਮਾਤਮਾ ਤੋਂ ਬਿਨਾਂ ਕਿਸੇ ਹੋਰ ਅੱਗੇ ਕੋਈ ਦੁਖ ਸੁਖ ਦੱਸਿਆ ਨਹੀਂ ਜਾ ਸਕਦਾ। ਪਰ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ ਸਿਫ਼ਤਿ ਸਾਲਾਹ ਕਰਨ ਦੀ ਸਮਝ ਬਖ਼ਸ਼ ਦੇਵੇ।੩। ਜਿੰਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ ਵਿਕਾਰਾਂ ਦੀ ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ ਵਿਕਾਰਾਂ ਦੀ ਸਾਰੀ ਮੈਲ ਲਹਿ ਜਾਂਦੀ ਹੈ। ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ ਕਰਨ ਵਾਲਾ ਹੈ, ਪਰ ਪ੍ਰਭੂ ਸਿਆਣਪ ਚਤੁਰਾਈ ਦੇ ਰਾਹੀਂ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿੰਨ੍ਹਾਂ ਨੂੰ ਗੁਰੂ ਨੇ ਪ੍ਰਭੂ ਦੀ ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ।੪।੪।