ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।
ਅਰਥ: ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!