ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥
ਬਿਨੁ ਭੇਟੇ = ਮਿਲਣ ਤੋਂ ਬਿਨਾ। ਸਚਾ = ਪ੍ਰਭੂ (ਦਾ ਰੂਪ) ਤਾਮਸਿ = ਤਮੋਗੁਣੀ ਭਾਵ ਵਿਚ। ਅਹਿ = ਦਿਨ। ਨਿਸਿ = ਰਾਤ। ਕਾਰੀ = ਕੰਮ। ਸੰਮਾਲੇਹੁ = ਯਾਦ ਕਰੋ। ਹਜੂਰਿ = ਅੰਗ ਸੰਗ। ਛਉੜ = ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ। ਚਿਤਿ = ਚਿੱਤ ਵਿਚ। ਸੰਜਮੁ = ਰਹਿਣੀ। ਕੇਲ = ਆਨੰਦ, ਲਾਡ ॥੨॥
ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!