(Source: ECI/ABP News/ABP Majha)
ਆਹਲੀ ਦੀ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਸਲਾਹ, ਝੂਠ ਦੇ ਸਹਾਰੇ ਆਪਣੀ ਪਬਲੀਸਿਟੀ ਤੋਂ ਕਰੋ ਗੁਰੇਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਜਾਣਬੁਝ ਕੇ ਬਦਨਾਮ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਲਿਆ ਸਖ਼ਤ ਨੋਟਿਸ।
ਪਰਮਜੀਤ ਸਿੰਘ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਜਾਣਬੁਝ ਕੇ ਬਦਨਾਮ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਆਪਣੇ ਦਾਇਰੇ ਅੰਦਰ ਰਹਿਣ ਲਈ ਕਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਭਾਈ ਰਣਜੀਤ ਸਿੰਘ ਜਾਣਬੁਝ ਕੇ ਗੁਰੂ ਘਰਾਂ ਦੇ ਮਾਮਲਿਆਂ ਨੂੰ ਗਲਤ ਰੰਗਤ ਦੇ ਕੇ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ, ਜੋ ਉਨ੍ਹਾਂ ਦੇ ਰੁਤਬੇ ਮੁਤਾਬਕ ਸ਼ੋਭਾ ਨਹੀਂ ਦਿੰਦਾ।
ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਦੀ 32 ਏਕੜ ਜ਼ਮੀਨ ਬਾਰੇ ਸਾਬਕਾ ਜਥੇਦਾਰ ਦਾ ਬਿਆਨ ਤੱਥਾਂ ਤੋਂ ਕੋਹਾਂ ਦੂਰ ਹੈ। ਉਨ੍ਹਾਂ ਆਖਿਆ ਕਿ ਭਾਈ ਰਣਜੀਤ ਸਿੰਘ ਆਪਣੀ ਆਦਤ ਮੁਤਾਬਕ ਸਿਰਫ਼ ਸੁਰਖ਼ੀਆਂ ਬਟੋਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ, ਜਦਕਿ ਇਸ ਜ਼ਮੀਨ ਨੂੰ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਇਸ ਦੀ ਚਾਰਦੀਵਾਰੀ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਇਸ ਇਤਿਹਾਸਕ ਅਸਥਾਨ ਦੀ ਜ਼ਮੀਨ ਨੂੰ ਗਮਾਡਾ ਹਾਸਲ ਕਰਨਾ ਚਾਹੁੰਦਾ ਹੈ, ਪਰ ਸ਼੍ਰੋਮਣੀ ਕਮੇਟੀ ਅਜਿਹਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਜਾ ਚੁੱਕਾ ਹੈ ਅਤੇ ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਕਿਸੇ ਵੀ ਹਾਲਤ ਵਿਚ ਪੰਥ ਦੀ ਅਮਾਨਤ ਇਹ ਜ਼ਮੀਨ ਗਮਾਡਾ ਨੂੰ ਨਹੀਂ ਦੇਵੇਗੀ। ਉਨ੍ਹਾਂ ਦੱਸਿਆ ਕਿ 2 ਜੁਲਾਈ ਤੋਂ ਚਾਰਦੀਵਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਕਾਫ਼ੀ ਹੱਦ ਤੱਕ ਚਾਰਦੀਵਾਰੀ ਕੀਤੀ ਜਾ ਚੁੱਕੀ ਹੈ। ਆਹਲੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਉਹ ਖ਼ੁਦ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਨਿਗਰਾਨੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਸੁਰੱਖਿਅਤ ਕਰਨ ਲਈ ਕਾਰਜ ਕੀਤਾ ਜਾ ਰਿਹਾ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਭਾਈ ਰਣਜੀਤ ਸਿੰਘ ਕੇਵਲ ਇਕ ਦਿਨ ਖ਼ਬਰਾਂ ਬਣਾਉਣ ਲਈ ਆ ਕੇ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ "ਸਾਬਕਾ ਜਥੇਦਾਰ ਨੂੰ ਝੂਠ ਦੇ ਸਹਾਰੇ ਨਾਲ ਆਪਣੀ ਪਬਲੀਸਿਟੀ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਰੁਤਬੇ ਦਾ ਖ਼ਿਆਲ ਰੱਖਣਾ ਚਾਹੀਦਾ ਹੈ।"
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :