ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੭ ਵੈਸਾਖ (ਸੰਮਤ ੫੫੪ ਨਾਨਕਸ਼ਾਹੀ) ਅੰਗ ੭੨੩-੭੨੪



Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 17th Vaisakh (Samvat 554 Nanakshahi) 30-April-2022 Ang 723-724

 





ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥


 




ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ - ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥