ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥ 'ਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿੱਚ ਸਖਤੀ ਨਵੀਂ ਚਰਚਾ ਛੇੜ ਦਿੱਤੀ ਹੈ। ਜਥੇਦਾਰ ਦੇ ਫੈਸਲੇ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਇਸ ਨੂੰ ਲੈ ਕੇ ਹੈਰਾਨੀ ਵੀ ਹੋ ਰਹੀ ਹੈ ਕਿ ਲੰਮੇ ਸਮੇਂ ਮਗਰੋਂ ਕਿਸੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।


ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ (ਹਲਕਾ ਕਾਦੀਆਂ) ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੂੰ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤੇ ਹਨ ਕਿ ਪੰਥ ਵਿੱਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਦਾ ਪਤਾ ਲਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਦਰਅਸਲ ਹੁਣ ਤੱਕ ਇਲਜ਼ਾਮ ਲੱਗਦੇ ਰਹੇ ਹਨ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਬਾਅ ਹੇਠ ਫੈਸਲੇ ਲਏ ਜਾਂਦੇ ਹਨ। ਇਸ ਕਰਕੇ ਅਕਾਲੀ ਦਲ ਨੂੰ ਵੀ ਕਈ ਟਕਸਾਲੀ ਲੀਡਰ ਛੱਡ ਕੇ ਚਲੇ ਗਏ ਹਨ। ਅਜਿਹੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਸਖਤ ਫੈਸਲਿਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਉਧਰ, ਸ਼੍ਰੋਮਣੀ ਕਮੇਟੀ ਨੇ ਤਾਂ ਤਨਖਾਹੀਆ ਕਰਾਰ ਦਿੱਤੇ ਗਏ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਸਾਰੀਆਂ ਹੀ ਸਬ ਕਮੇਟੀਆਂ ਤੇ ਕਮੇਟੀਆਂ ਵਿੱਚੋਂ ਬਤੌਰ ਮੈਂਬਰ ਬਾਹਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਗੋਰਾ ਨੂੰ ਸਾਰੀਆਂ ਸਬ ਕਮੇਟੀਆਂ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਜਿਨ੍ਹਾਂ ਦਾ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਹੈ, ਬਾਰੇ ਪਤਾ ਲਾਉਣ ਲਈ ਜਲਦੀ ਹੀ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਪਿਛਲੇ ਸਮੇਂ ਵਿੱਚ ਆਮ ਵੇਖਿਆ ਗਿਆ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਮਾਮਲੇ ਆਉਣ ਮਗਰੋਂ ਵੀ ਕਾਫੀ ਸਮਾਂ ਕੋਈ ਕਾਰਵਾਈ ਨਹੀਂ ਹੁੰਦੀ ਸੀ। ਦੂਜੇ ਪਾਸੇ ਲੰਗਾਹ ਮਾਮਲਾ ਸਾਹਮਣੇ ਆਉਂਦਿਆਂ ਹੀ ਮੰਗਲਵਾਰ ਬਾਅਦ ਦੁਪਹਿਰ ਅਚਨਚੇਤੀ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਸੁਖਦੇਵ ਸਿੰਘ, ਭਾਈ ਮੰਗਲ ਸਿੰਘ ਤੇ ਭਾਈ ਦਿਲਬਾਗ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਲੰਗਾਹ ਨਾਲ ਸਬੰਧ ਰੱਖਣ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਐਲਾਨ ਕੀਤਾ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਬਣਾਈਆਂ ਗਈਆਂ ਸਾਰੀਆਂ ਸਬ-ਕਮੇਟੀਆਂ ਵਿੱਚੋਂ ਇਨ੍ਹਾਂ ਦੋਵਾਂ ਮੈਂਬਰਾਂ ਨੂੰ ਹਟਾ ਦਿੱਤਾ ਜਾਵੇ। ਉੁਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਬਾਰੇ ਪਤਾ ਲਾਵੇ। ਇੱਕ ਸਬ ਕਮੇਟੀ ਬਣਾ ਕੇ ਜਾਂਚ ਕੀਤੀ ਜਾਵੇ ਤੇ ਮਗਰੋਂ ਮਿਲਵਰਤਣ ਰੱਖਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਦਿੱਤਾ ਕਿ ਉਹ ਪੰਥ ਵਿੱਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਆਗੂਆਂ ਦੀ ਆਪਣੇ ਪੱਧਰ ’ਤੇ ਜਾਂਚ ਕਰਕੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰੇ। ਯਾਦ ਰਹੇ ਸੋਮਵਾਰ ਰਾਤ ਸ਼੍ਰੋਮਣੀ ਕਮੇਟੀ ਨੇ ਵੀ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸਨੰਗਲ ਦੇ ਆਪਣੇ ਤਿੰਨ ਮੁਲਾਜ਼ਮਾਂ- ਇੰਚਾਰਜ ਰਛਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਤੇ ਕਥਾਵਾਚਕ ਭਾਈ ਹਰਮੀਤ ਸਿੰਘ ਨੂੰ ਇਸ ਮਾਮਲੇ ਵਿਚ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ।