ਪੜਚੋਲ ਕਰੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-04-2025)
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥

ਅੱਜ ਦਾ ਮੁੱਖਵਾਕ
Source : ABPLIVE AI
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਪਦਅਰਥ: ਬਿਖੁ = ਜ਼ਹਰ। ਜਾਰੇ = ਸਾੜ ਦੇਂਦਾ ਹੈ। ਬਿਖਮੁ = ਔਖਾ। ਕੋ = ਦਾ। ਅਗਨਿ ਕੋ ਸਾਗਰੁ = ਅੱਗ ਦਾ ਸਮੁੰਦਰ। ਸੰਗਿ = ਸੰਗਤਿ ਵਿਚ। ਉਧਾਰੇ = ਪਾਰ ਲੰਘਾ ਦੇਂਦਾ ਹੈ।੧। ਗੁਰਿ = ਗੁਰੂ ਨੇ। ਭਰਮੁ = ਭਟਕਣ। ਅੰਧੇਰਾ = (ਮਾਇਆ ਦੇ ਮੋਹ ਦਾ) ਹਨੇਰਾ। ਭਜੁ = ਸਿਮਰ। ਨੇਰਾ = ਨੇੜੇ, ਅੰਗ = ਸੰਗ।ਰਹਾਉ।ਨਿਧਾਨ = ਖ਼ਜ਼ਾਨੇ। ਰਹੇ ਅਘਾਈ = ਰੱਜ ਗਏ, ਤ੍ਰਿਪਤ ਹੋ ਗਏ। ਜਤ ਕਤ = ਜਿੱਥੇ ਕਿੱਥੇ, ਹਰ ਥਾਂ।੨।ਬੇਤਾ = ਜਾਣਨ ਵਾਲਾ। ਤਤ ਬੇਤਾ = ਅਸਲੀਅਤ ਦਾ ਜਾਣਨ ਵਾਲਾ। ਜਿਸੁ ਮਨਿ = ਜਿਸ ਦੇ ਮਨ ਵਿਚ। ਗਪਾਲਾ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ– ੋ, ਅਤੇ ੁ। ਅਸਲ ਲਫ਼ਜ਼ 'ਗੋਪਾਲਾ' ਹੈ, ਇਥੇ ਇਸ ਨੂੰ 'ਗੁਪਾਲਾ' ਪੜ੍ਹਨਾ ਹੈ}। ਜਿਨਿ = ਜਿਸ ਮਨੁੱਖ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਘਾਲਾ = ਮੇਹਨਤ।੩। ਕਲਿ = ਝਗੜੇ। ਸਗਲੇ = ਸਾਰੇ। ਫਾਸਾ = ਫਾਹੀ। ਪ੍ਰਭਿ = ਪ੍ਰਭੂ ਨੇ। ਬਿਗਾਸਾ = ਪ੍ਰਸੰਨ।੪।
ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ





















