ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥



 



ਪਦਅਰਥ:- ਜੋ ਜੋ—ਜੇਹੜਾ ਜੇਹੜਾ (ਜੀਵ)। ਤਿਹ ਤਿਹ—ਉਸੇ ਉਸੇ (ਜੂਨ) ਵਿਚ। ਉਰਝਾਇਓ—(ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ—ਚੰਗੀ ਕਿਸਮਤ ਨਾਲ। ਤਾਕੀ ਹੈ—(ਮੈਂ) ਤੱਕੀ ਹੈ। ਸਾਧ—ਹੇ ਗੁਰੂ! ਦੇ ਕਰਿ—ਦੇ ਕੇ। ਹਾਥ—{ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ—ਪ੍ਰਭੂ ਪਾਤਿਸ਼ਾਹ।1। ਭ੍ਰਮਿ—ਭਟਕ ਕੇ। ਥਿਤਿ—{iÔQiq} ਟਿਕਾਉ। ਪਾਈ—ਲੱਭੀ। ਕਰਉ—ਕਰਉਂ, ਮੈਂ ਕਰਦਾ ਹਾਂ। ਗੁਰ—ਹੇ ਗੁਰੂ! ਲਾਗਉਂ,ਮੈਂ ਲੱਗਦਾ ਹਾਂ। ਮਾਰਗੁ—ਰਸਤਾ। ਬਤਾਈ ਦੇਹੁ—ਬਤਾਇ ਦੇਹੁ।1। ਰਹਾਉ। ਉਪਾਵ—{ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ} ਹੀਲੇ। ਕਉ—ਦੀ ਖ਼ਾਤਰ। ਬਚਿਤਿ—ਚਿੱਤ ਵਿਚ ਚੰਗੀ ਤਰ੍ਹਾਂ। ਚਿਤਿ—ਚਿੱਤ ਵਿਚ। ਧਰਉ—ਧਰਉਂ, ਮੈਂ ਧਰਦਾ ਹਾਂ। ਕਰਤ—ਕਰਦਿਆਂ। ਸਦ—ਸਦਾ। ਰੇ—ਹੇ ਭਾਈ! ਭੇਟੈ—ਮਿਲ ਪਏ। ਲਾਹੈ—ਦੂਰ ਕਰ ਦੇਵੇ। ਸਿਉ—ਨਾਲ। ਰੰਗੁ—ਪਿਆਰ। ਲਾਵੈ—ਜੋੜ ਦੇਵੇ।2। ਰੇ—ਹੇ ਭਾਈ! ਸਗਲ—ਸਾਰੇ। ਚੂਕੈ—ਮੁੱਕਦਾ। ਭੇਦ—ਵਿੱਥ। ਧੀਰਹਿ —ਧੀਰਜ ਕਰਦੇ। ਪੰਚਾ—ਗਿਆਨ-ਇੰਦ੍ਰੇ। ਰਹਤੁ—ਨਿਰਲੇਪ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਰਿਦੈ—ਹਿਰਦੇ ਵਿਚ। ਸਿੰਚਾ—ਸਿੰਜ ਦੇਵੇ।3।



 



ਅਰਥ:- ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।1। ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।1। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।2। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।3।


 


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!