ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
ਬੀਂਗ = ਵਿੰਗ, ਵਲ-ਛਲ, ਉਕਾਈਆਂ। ਪਰਹਰਿਆ = ਦੂਰ ਕਰ ਦਿੱਤੇ। ਕਰਿ = ਕਰ ਕੇ। ਪ੍ਰਭਿ = ਪ੍ਰਭੂ ਨੇ। ਕਰਿਆ = ਬਣਾ ਲਿਆ ॥੧॥ ਤੁਮਹਿ = ਤੂੰ ਆਪ ਹੀ। ਜਨੁ = ਸੇਵਕ। ਉਰਝਿ ਪਰਿਓ = ਉਲਝ ਪਿਆ ਸੀ ॥੧॥ ਪਰਬਤ ਦੋਖ = ਪਹਾੜ ਜੇਡੇ ਐਬ। ਬਿਕਰਾਲਾ = ਡਰਾਉਣੇ। ਸੋਗ = ਗ਼ਮ। ਜਪਿ = ਜਪ ਕੇ ॥੩॥ ਦ੍ਰਿਸਟਿ = (ਕਿਰਪਾ ਦੀ) ਨਜ਼ਰ। ਧਾਰਿ = ਕਰ ਕੇ। ਲੜਿ = ਲੜ ਨਾਲ। ਗਹੇ = ਫੜੇ ॥੪॥੨੨॥੨੮॥
ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ॥੧॥ ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਉਸ ਮੋਹ ਜਾਲ ਵਿਚੋਂ) ਆਪ ਕੱਢ ਲਿਆ, ਜੋ ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ॥੧॥ ਰਹਾਉ॥ (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ-ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ॥੨॥ (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ-ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ॥੩॥ ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਮਨੁੱਖ ਨੂੰ ਆਪਣੇ ਲੜ ਲਾ ਲਿਆ, ਹੇ ਨਾਨਕ! ਜਿਸ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ ॥੪॥੨੨॥੨੮॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !
