ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥
ਪਦ ਅਰਥ :- ਤਪਤੁ ਹੈ = ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨।
ਅਰਥ :- (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!