ਪੜਚੋਲ ਕਰੋ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-10-2024)
ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥

Hukamnama Sahib
ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
ਪਦਅਰਥ:- ਜਿਨਿ—ਜਿਸ (ਮਾਇਆ) ਨੇ। ਅਪੁਨੈ ਵਸਿ—ਆਪਣੇ ਵੱਸ ਵਿਚ। ਤ੍ਰੈਗੁਣ ਭਵਨ—ਮਾਇਆ ਦੇ ਤਿੰਨ ਗੁਣ ਵਾਲੇ ਜਗਤ ਨੂੰ। ਚਤੁਰ ਸੰਸਾਰਾ—ਚਾਰ ਕੂਟ-ਸੰਸਾਰ ਨੂੰ। ਖੰਡੇ—ਤੋੜ ਦਿੱਤੇ, ਜਿੱਤ ਲਏ ਹਨ।1। ਗਹੀ—ਪਕੜੀ। ਓਟ—ਆਸਰਾ। ਤਉ—ਤਦੋਂ। ਛੂਟੋ—ਬਚਿਆ। ਸਾਧ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ। ਬਿਖੈ ਬਿਆਧਿ—ਵਿਸ਼ਿਆਂ ਦਾ ਰੋਗ। ਹੂਟੋ—ਮੁੱਕਿਆ, ਥੱਕਿਆ।1। ਰਹਾਉ। ਸੁਣੀਐ—ਆਵਾਜ਼ ਸੁਣੀ ਜਾਂਦੀ। ਮੁਖ ਤੇ—ਮੂੰਹੋਂ। ਬਕੀਐ—ਬੋਲਦੀ। ਡੀਠੀ—ਦਿੱਸਦੀ। ਉਹ—{ਇਸਤ੍ਰੀ ਲਿੰਗ} ਉਹ ਮਾਇਆ। ਠਗਉਰੀ—ਠਗਮੂਰੀ, ਠਗਬੂਟੀ, ਨਸ਼ੀਲੀ ਚੀਜ਼। ਭੁਲਾਵੈ—ਕੁਰਾਹੇ ਪਾ ਦੇਂਦੀ ਹੈ। ਕੈ ਮਨਿ—ਦੇ ਮਨ ਵਿਚ।2। ਮਾਇ—ਮਾਂ। ਹਿਤ—ਹਿਤ ਕਰਨ ਵਾਲੇ, ਮਿੱਤਰ। ਉਨਿ—ਉਸ (ਮਾਇਆ) ਨੇ। ਘਰਿ ਘਰਿ—ਹਰੇਕ ਘਰ ਵਿਚ, ਹਰੇਕ ਦੇ ਹਿਰਦੇ-ਘਰ ਵਿਚ। ਦੂਆ—ਦ੍ਵੈਤ, ਵਿਤਕਰਾ। ਵਾਧਿ—ਵੱਧ, ਬਹੁਤੀ। ਘਾਟਿ—ਘੱਟ, ਥੋੜੀ।3। ਹਉ—ਮੈਂ। ਜਿਨਿ—ਜਿਸ (ਗੁਰੂ) ਨੇ। ਚਲਤੁ—ਤਮਾਸ਼ਾ। ਗੂਝੀ—ਲੁਕੀ ਹੋਈ। ਭਾਹਿ—ਅੱਗ। ਨਾ ਬਿਆਪੈ—ਜ਼ੋਰ ਨਹੀਂ ਪਾ ਸਕਦੀ।4। ਸੰਤ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ। ਸਗਲੇ—ਸਾਰੇ। ਅਪੁਨੈ ਘਰਿ—ਆਪਣੇ ਹਿਰਦੇ-ਘਰ ਵਿਚ। ਖਾਟੇ—ਖਾਟਿ, ਖੱਟ ਕੇ।5।
ਅਰਥ:- ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।1। ਰਹਾਉ। ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ)?।1। ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।2। ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।3। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।4। ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।5।11।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ





















