ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
ਗੁਰਿ = ਗੁਰੂ ਨੇ। ਕੈ ਮਸਤਕਿ = ਦੇ ਮੱਥੇ ਉੱਤੇ। ਕਰਮਾ = ਕਿਸਮਤ, ਭਾਗ। ਦ੍ਰਿੜਾਵੈ = (ਹੋਰਨਾਂ ਨੂੰ) ਦ੍ਰਿੜ੍ਹ ਕਰਾਂਦਾ ਹੈ। ਜੁਗ ਮਹਿ = ਜਗਤ ਵਿਚ। ਧਰਮ = ਫ਼ਰਜ਼, ਕੰਮ ॥੧॥ ਕਉ = ਨੂੰ, ਵਾਸਤੇ। ਵਡਾਈ = ਵਡਿਆਈ। ਸੋਭ = ਸੋਭਾ। ਨਾਮੋ = ਨਾਮ ਹੀ। ਗਤਿ = ਉੱਚੀ ਆਤਮਕ ਅਵਸਥਾ। ਪਤਿ = ਇੱਜ਼ਤ। ਮਾਨੈ = ਮੰਨਦਾ ਹੈ। ਹੋਗ = ਹੋਵੇਗਾ ॥੧॥ ਕੈ ਪਾਲੈ = ਦੇ ਪੱਲੇ ਵਿਚ। ਬਿਉਹਾਰਾ = ਵਿਹਾਰ-ਕਾਰ। ਆਧਾਰਾ = ਆਸਰਾ। ਲਾਹਾ = ਲਾਭ, ਖੱਟੀ ॥੨॥੬॥੩੭॥
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥
( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।