ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥
ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ ॥੧॥ ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ ॥ ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ ॥੨॥
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!