ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

Continues below advertisement

ਪਦਅਰਥ: ਖੁਆਰੀ = ਬੇ = ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ।ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।ਗੁਣ ਨਿਧਾਨ ਗੁਣ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀ = ਉਸ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆ = ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਤਿਨਿ ਹੀ। ਜਾ ਕਉ = ਜਿਸ ਉਤੇ। ਧਾਰੀ = ਕੀਤੀ। ਧੰਨੁ = ਮੁਬਾਰਿਕ। ਤਿਸੁ = ਬਲਿਹਾਰੀ = ਉਸ ਤੋਂ ਕੁਰਬਾਨ।੨।ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।