Amritsar News : ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫੌਜ ਵੱਲੋਂ ਸਾਹਿਬਜ਼ਾਦਿਆਂ ਦੇ ਇਤਿਹਾਸ ਦਾ 12 ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ ਹੈ ਤੇ ਹੋਰ ਵਿਦੇਸ਼ੀ ਭਾਸ਼ਾਵਾਂ ਵਿਚ ਵੀ ਇਸ ਦਾ ਅਨੁਵਾਦ ਕੀਤਾ ਜਾ ਰਿਹਾ ਹੈ। ਇਹ ਖੁਲਾਸਾ ਜਥੇਬੰਦੀ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਤੇ ਕੁਲਜੀਤ ਸਿੰਘ ਨੇ ਕੀਤਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ 26 ਦਸੰਬਰ ਨੂੰ ਭਾਰਤ ਸਰਕਾਰ ਵੱਲੋਂ ਵੀਰ ਬਾਲ ਦਿਵਸ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਪੰਜਾਬੀ, ਅੰਗਰੇਜ਼ੀ, ਹਿੰਦੀ, ਅਸਾਮੀ, ਗੁਜਰਾਤੀ, ਕੰਨੜ, ਮਲਿਆਲਮ, ਮਰਾਠੀ, ਉੜੀਆ, ਤਾਮਿਲ, ਤੇਲਗੂ ਤੇ ਬੰਗਲਾ ਭਾਸ਼ਾਵਾਂ ਵਿੱਚ ਅਨੁਵਾਦ ਕਰਵਾ ਕੇ ਵੈਬਸਾਈਟ ’ਤੇ ਅਪਲੋਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਦਾ 102ਵਾਂ ਸਥਾਪਨਾ ਦਿਵਸ ਮਨਾਇਆ
ਇਸੇ ਤਰ੍ਹਾਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ 102ਵਾਂ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਮਗਰੋਂ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਗਿਆਨੀ ਗੁਰਮਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਸਦੀ ਦੇ ਸਫ਼ਰ ਦੌਰਾਨ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਜ਼ਰ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਇਸ ਸਿੱਖ ਸੰਸਥਾ ਦਾ ਇਕ ਸਦੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ। ਉਨ੍ਹਾਂ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੇ ਸ਼ੁਰੂ ਤੋਂ ਹੀ ਸੰਘਰਸ਼ਾਂ ਭਰਿਆ ਸਫ਼ਰ ਕੀਤਾ ਹੈ, ਜਿਸ ਤਹਿਤ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਦਿੱਤੀਆਂ ਕੁਰਬਾਨੀਆਂ ਵੱਡਾ ਮਹੱਤਵ ਰੱਖਦੀਆਂ ਹਨ। ਸਮਾਗਮ ਦੌਰਾਨ ਭਾਈ ਗੁਰਭੇਜ ਸਿੰਘ ਦੇ ਢਾਡੀ ਜਥੇ ਨੇ ਜੋਸ਼ੀਲੀਆਂ ਵਾਰਾਂ ਗਾਈਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।