ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2023)
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਪਦਅਰਥ:- ਜਾ ਕਾ ਮਨੁ—ਜਿਨ੍ਹਾਂ ਮਨੁੱਖਾਂ ਦਾ ਮਨ। ਸੇ ਜਨ—ਉਹ ਬੰਦੇ। ਤ੍ਰਿਪਤਿ ਅਘਾਈ—(ਮਾਇਆ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ। ਜਿਸੁ ਰਿਦੈ—ਜਿਸੁ ਜਿਸੁ ਰਿਦੈ, ਜਿਸ ਜਿਸ ਦੇ ਹਿਰਦੇ ਵਿਚ। ਤੇ ਨਰ—ਉਹ ਬੰਦੇ। ਤ੍ਰਿਖਾਈ—ਤਿਹਾਏ।1। ਅਰੋਗ—ਨਰੋਏ। ਅਨਦਾਈ—ਪ੍ਰਸੰਨ, ਆਨੰਦ-ਮਈ। ਸਨੇਹੀ—ਪਿਆਰਾ। ਬੇਦਨ—ਪੀੜਾਂ, ਦੁੱਖ। ਜਣੁ—ਜਾਣੋ, ਸਮਝੋ,ਮਾਨੋ। ਰਹਾਉ। ਓਟ—ਆਸਰਾ। ਗਹੀ—ਫੜੀ। ਪ੍ਰਭ—ਹੇ ਪ੍ਰਭੂ! ਗਨਣੇ—ਗਿਣੇ ਜਾਂਦੇ ਹਨ।2। ਗੁਰ ਮਾਨਿ—ਗੁਰੂ ਦਾ ਹੁਕਮ ਮੰਨ ਕੇ। ਲਿਵ ਲਾਈ—ਸੁਰਤਿ ਜੋੜੀ। ਗੁਰ ਤੇ—ਗੁਰੂ ਤੋਂ। ਤੇ—ਉਹ ਬੰਦੇ। ਘੋਰ—ਭਿਆਨਕ।3। ਜਿਤੁ—ਜਿਸ (ਕੰਮ) ਵਿਚ। ਕੋ—ਕੋਈ ਬੰਦਾ। ਤਿਤ ਹੀ—{ਲਫ਼ਜ਼ ‘ਜਿਤੁ’ ਵਾਂਗ‘ਤਿਤੁ’ ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ ੁ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) ਵਿਚ ਹੀ। ਸਹ—ਓਟ, ਸ਼ਹ। ਮਗਨ—ਮਸਤ।4।
ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।