ਵਡਹੰਸੁ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥



ਮਨਿ ਮੈਲੈ = (ਵਿਕਾਰਾਂ ਨਾਲ) ਮੈਲੇ ਮਨ ਦੀ ਰਾਹੀਂ। ਤਨਿ ਧੋਤੈ = ਧੋਤੇ ਹੋਏ ਸਰੀਰ ਦੀ ਰਾਹੀਂ, ਜੇ ਸਰੀਰ ਨੂੰ (ਤੀਰਥਾਂ ਆਦਿਕ ਤੇ) ਇਸ਼ਨਾਨ ਕਰਾ ਲਿਆ ਜਾਏ। ਭਰਮਿ = ਭੁਲੇਖੇ ਵਿਚ (ਪੈ ਕੇ) ॥੧॥ ਮਨ = ਹੇ ਮਨ! ਸਤਗੁਰਿ = ਗੁਰੂ ਨੇ। ਮੋ ਕਉ = ਮੈਨੂੰ। ਨਿਧਾਨੁ = ਖ਼ਜ਼ਾਨਾ ॥੧॥ ਰਹਾਉ॥ ਸਿਖੈ = ਸਿੱਖ ਲਏ। ਵਸਿ ਕਰਿ = ਵੱਸ ਵਿਚ ਕਰ ਕੇ।



ਰਾਗ ਵਡਹੰਸ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ

। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।