ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥


 



ਸੋ = ਉਹ ਮਨੁੱਖ । ਸਖਾ = ਮਿੱਤਰ। ਬੰਧਪੁ = ਰਿਸ਼ਤੇਦਾਰ। ਜਿ = ਜੇਹੜਾ। ਭਾਣੈ = ਮਰਜ਼ੀ ਵਿਚ, ਮਰਜ਼ੀ ਅਨੁਸਾਰ। ਵਿਛੁੜਿ = ਵਿੱਛੁੜ ਕੇ ॥੧॥ ਸੁਹੇਲੇ = ਸੁਖੀ। ਕਿਲਵਿਖ = ਪਾਪ। ਆਪੇ = ਪ੍ਰਭੂ ਆਪ ਹੀ ॥ ਕੁਟੰਬੁ = ਪਰਵਾਰ। ਸਭੁ = ਸਾਰਾ। ਜੀਅ ਕੇ ਬੰਧਨ = ਜਿੰਦ ਵਾਸਤੇ ਬੰਧਨ। ਭੁਲਾ = ਕੁਰਾਹੇ ਪਿਆ ਰਹਿੰਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਮੋਖ = ਖ਼ਲਾਸੀ। ਕਰਮ = ਦੁਨੀਆ ਦੇ ਕੰਮ-ਧੰਧੇ। ਵਾਰੋ ਵਾਰਾ = ਮੁੜ ਮੁੜ ॥੨॥



ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ , ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ॥ ਰਹਾਉ॥ ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੨॥



 

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!