ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
 
ਸਭਿ = ਸਾਰੇ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਪ੍ਰਭ = ਹੇ ਪ੍ਰਭੂ! ਜੀਇ = ਜੀ ਵਿਚ, ਮਨ ਵਿਚ। ਕਮਾਈਐ = ਕਮਾਈਦਾ ਹੈ। ਮਨਿ = ਮਨ ਵਿਚ। ਮੁਕਰਾਈਐ = ਮੁੱਕਰ ਜਾਈਦਾ ਹੈ। ਮਨਮੁਖਾ = ਆਪਣੇ ਮਨ ਦੇ ਪਿਛੇ ਤੁਰਨ ਵਾਲੇ। ਘਾਲ = ਮੇਹਨਤ। ਗਵਾਈਐ = ਗਵਾਚ ਜਾਂਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਹਾਜਰੁ = ਪਰਤੱਖ, ਹਰ ਥਾਂ ਵੱਸਦਾ। ਆਈਐ = ਆ ਜਾਂਦਾ ਹੈ ॥੧॥
 
ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥
 
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।