ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥
ਤਪਤਿ = (ਵਿਕਾਰਾਂ ਦੀ) ਤਪਸ਼। ਸਾਂਤਿ = ਸ਼ਾਂਤੀ, ਸੀਤਲਤਾ। ਪਰਸਤ = ਛੁੰਹਦਿਆਂ। ਅੰਧ ਕੂਪ = ਹਨੇਰਾ ਖੂਹ। ਦੇ = ਦੇ ਕੇ।੧। ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ} ਉਹ ਸੰਤ ਜਨ। ਸਾਜਨਾ = ਸੱਜਣ, ਮਿੱਤਰ। ਰੇਨ = ਚਰਨ-ਧੂੜ। ਭੇਟਤ = ਮਿਲਿਆਂ। ਜੀਅ ਦਾਨੁ = ਆਤਮਕ ਜੀਵਨ ਦੀ ਦਾਤਿ। ਦੇਨ = ਦੇਨਿ, ਦੇਂਦੇ ਹਨ।੧।ਰਹਾਉ। ਪਰਾ ਪੂਰਬਲਾ = ਬਹੁਤ ਜਨਮਾਂ ਦਾ। ਅਬ = ਹੁਣ ਜਦੋਂ ਹਰਿ-ਸਾਧ ਮਿਲਿਆ ਹੈ। ਸੰਗਿ = ਨਾਲ। ਹਰਿ ਸਾਧ ਕੈ ਸੰਗਿ = ਪ੍ਰਭੂ ਦੇ ਭਗਤ ਨਾਲ। ਆਸਾਇ = ਆਸਾਂ।੨।
ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।
( Waheguru Ji Ka Khalsa, Waheguru Ji Ki Fathe )ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!