ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥
ਮਰਿ ਵੰਞਸੀ = ਮਰ ਜਾਇਗੀ। ਮਰਿ = ਮਰ ਕੇ। ਖਾਕੁ = ਮਿੱਟੀ। ਥੀਈ = ਹੋ ਜਾਇਗੀ ॥੧॥ ਵਾਹੁ = ਧੰਨ, ਸਲਾਹੁਣ-ਯੋਗ। ਸਾਹਿਬਾ = ਹੇ ਮਾਲਕ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਲਾਹੀਐ = ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ-ਮੁਥਾਜ ॥੧॥ ਕੇਰੀ = ਦੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿ = ਸੜ ਕੇ। ਮਰੰਨਿ = ਮਰਦੇ ਹਨ। ਜਮ ਪੁਰਿ = ਜਮ ਦੀ ਪੁਰੀ ਵਿਚ। ਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ ॥੨॥
ਰਾਗ ਸੂਹੀ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ॥੨॥
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।