ਧਨਾਸਰੀ ਮਹਲਾ ੩ ॥  ਸਦਾ ਧਨੁ ਅੰਤਰਿ ਨਾਮੁ ਸਮਾਲੇ ॥  ਜੀਅ ਜੰਤ ਜਿਨਹਿ ਪ੍ਰਤਿਪਾਲੇ ॥  ਮੁਕਤਿ ਪਦਾਰਥੁ ਤਿਨ ਕਉ ਪਾਏ ॥  ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥  ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥  ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥  ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥  ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥  ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥  ਮੂਲਹੁ ਭੁਲਾ ਜਨਮੁ ਗਵਾਏ ॥੨॥  ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

Continues below advertisement

ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

 

Continues below advertisement