ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥


 



ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥



(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥


 







Waheguru ji Ka Khalsa, Waheguru Ji Ki Fateh.)

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 









ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।