ਪੜਚੋਲ ਕਰੋ
Hukamnama sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (24-10-2023)
Hukamnama sahib: ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥
AAJ Da Mukhwak
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
ਆਵਾਗਉਣੁ = (ਜਗਤ ਵਿਚ) ਆਉਣਾ ਤੇ (ਜਗਤ ਤੋਂ) ਜਾਣਾ, ਜਨਮ ਮਰਨ। ਸੰਸਾਰਿ = ਜਗਤ (ਦਾ ਮੋਹ)। ਅੰਤਿ = ਆਖ਼ਰ ਨੂੰ। ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ (ਜੁੜਿਆਂ)। ਨਿਬੇੜਾ = (ਆਵਾਗਉਣ ਦਾ) ਖ਼ਾਤਮਾ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਰੰਗਿ = ਪ੍ਰੇਮ-ਰੰਗ ਵਿਚ। ਰਾਤੇ = ਰੰਗੇ ਹੋਏ। ਸਹਜੇ = ਆਤਮਕ ਅਡੋਲਤਾ ਵਿਚ। ਮਾਤੇ = ਮਸਤ। ਮਨਿ = ਮਨ ਵਿਚ। ਸਚੁ = ਸਦਾ-ਥਿਰ-ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ। ਨਾਮਿ = ਨਾਮ ਵਿਚ। ਬਹੁਰਿ = ਮੁੜ, ਫਿਰ। ਭਵਜਲਿ = ਸੰਸਾਰ-ਸਮੁੰਦਰ ਵਿਚ।੧।
ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।
( Waheguru Ji Ka Khalsa, Waheguru Ji Ki Fateh. )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















