ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥


 



ਬੈਕੁੰਠ = ਵਿਸ਼ਨੂ ਦਾ ਸ੍ਵਰਗ। ਰਿਦ = ਹਿਰਦਾ।੧। ਦਿਖਲਾਵਉ = ਦਿਖਲਾਵਉਂ, ਮੈਂ ਵਿਖਾਵਾਂ। ਬਿੰਜਨ = ਸੁਆਦਲੇ ਭੋਜਨ। ਭੁੰਚਾਵਉ = ਭੁੰਚਾਵਉਂ, ਮੈਂ ਖਿਲਾਵਾਂ।੧।ਰਹਾਉ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਭੁੰਚੁ = ਖਾਹ। ਸੁਦ = ਸੁਆਦ।੨। ਤਾਕੀ = ਤੱਕੀ। ਬੁਝਿ ਥਾਕੀ = ਮਿਟ ਕੇ ਰਹਿ ਜਾਂਦੀ ਹੈ।੩। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਨਿਵਾਰੇ = ਦੂਰ ਕਰ ਦੇਂਦਾ ਹੈ।੪।

 




ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ। ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨। ਹੇ ਭਾਈ! Bn ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩। ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

 


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!