ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥



ਪਦਅਰਥ : ਮਨਸਾ = ਬੁੱਧੀ, ਅਕਲ। ਉਚਰੈ = ਗੱਲਾਂ ਕਰਦਾ ਹੈ। ਮਦਿ = ਮਦ ਵਿਚ, ਨਸ਼ੇ ਵਿਚ। ਮਾਤੇ = ਮਸਤੇ ਹੋਏ ਨੂੰ। ਮੁਕਤਿ = (ਮਾਇਆ ਦੇ ਪੰਜੇ ਵਿਚੋਂ) ਖ਼ਲਾਸੀ। ਮਨਿ = ਮਨ ਵਿਚ। ਸਾਚਾ = ਸਦਾ-ਥਿਰ ਪ੍ਰਭੂ ॥੧॥ ਕਲਤ = ਇਸਤ੍ਰੀ {ਨੋਟ: ਇਹ ਲਫ਼ਜ਼ ਵੇਖਣ ਨੂੰ ਪੁਲਿੰਗ ਹੈ। ਸੰਸਕ੍ਰਿਤ ਲਫ਼ਜ਼ कलत्र ਨਪੁੰਸਕ ਲਿੰਗ ਹੈ}। ਅਭਿਮਾਨਾ = ਹੇ ਅਭਿਮਾਨੀ! ਕੀਚਹਿ = ਕਰੀਦੇ ਹਨ। ਕੇਰੀ = ਦੀ, ਦੀਆਂ। ਭਸਮੈ = ਸੁਆਹ ਦੀ। ਖਾਕੂ = ਖ਼ਾਕ ਵਿਚ। ਫੈਲੁ = ਪਸਾਰਾ।



ਅਰਥ: (ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ॥੧॥ ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ)। ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ॥ ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ। (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ॥੨॥


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।