ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
ਪਦਅਰਥ:- ਜੁਗ ਚਾਰੇ—ਚੌਹਾਂ ਹੀ ਜੁਗਾਂ ਵਿਚ। ਧਨ—ਜੀਵ-ਇਸਤ੍ਰੀ। ਸੋਹਾਗੁ—ਪ੍ਰਭੂ-ਪਤੀ ਦਾ ਮਿਲਾਪ। ਨਿਹਚਲੁ—ਅਟੱਲ, ਕਦੇ ਨਾਹ ਹਿੱਲਣ ਵਾਲਾ। ਕੇਰਾ—ਦਾ। ਸਚੁ—ਸਦਾ ਕਾਇਮ ਰਹਿਣ ਵਾਲਾ। ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਏਕੋ—ਇਕ ਪਰਮਾਤਮਾ ਹੀ। ਮੇਲਾਵਾ—ਮਿਲਾਪ। ਗੁਰਮਤੀ—ਗੁਰੂ ਦੀ ਮਤਿ ਉਤੇ ਤੁਰਿਆਂ। ਕਾਮਣਿ—ਜੀਵ-ਇਸਤ੍ਰੀ। ਕੰਤੈ ਰਾਵੈ—ਖਸਮ-ਪ੍ਰਭੂ ਨੂੰ ਹਿਰਦੇ ਵਿਚ ਵਸਾਂਦੀ ਹੈ। ਰਾਵੇ—ਮਿਲਾਪ ਮਾਣਦੀ ਹੈ। ਮਨਿ ਮਾਨਿਐ—ਜੇ ਮਨ ਪਤੀਜ ਜਾਏ।1। ਸੇਵਿ—ਸੇਵਾ ਕਰ, ਸਰਨ ਪਉ। ਧਨ ਬਾਲੜੀਏ—ਹੇ ਅੰਞਾਣ ਜਿੰਦੇ। ਵਰੁ—ਖਸਮ। ਪਾਵਹਿ—ਤੂੰ ਲੱਭ ਲਏਂਗੀ। ਹੋਵਹਿ—ਤੂੰ ਰਹੇਂਗੀ। ਸੋਹਾਗਣੀ—ਖਸਮ ਵਾਲੀ। ਮੈਲਾ ਵੇਸੁ—{ਨੋਟ:- ਵਿਧਵਾ ਇਸਤ੍ਰੀ ਨੂੰ ਮੈਲੇ ਕੱਪੜੇ ਪਾਣੇ ਪੈਂਦੇ ਹਨ} ਰੰਡੇਪਾ, ਪ੍ਰਭੂ-ਪਤੀ ਤੋਂ ਵਿਛੋੜਾ। ਗੁਰਮੁਖਿ—ਗੁਰੂ ਦੀ ਸਰਣ ਰਹਿਣ ਵਾਲੀ ਜੀਵ-ਇਸਤ੍ਰੀ। ਕੋਈ—ਕੋਈ ਵਿਰਲੀ। ਕਰਣੀ ਕਾਰ—ਉਹ ਕਾਰ ਜੇਹੜੀ ਕਰਨੀ ਚਾਹੀਦੀ ਹੈ, ਕਰਨ-ਜੋਗ ਕਾਰ। ਸਬਦਿ—ਸ਼ਬਦ ਵਿਚ। ਏਕੋ ਜਾਣਿਆ—ਇਕ ਪ੍ਰਭੂ ਨਾਲ ਹੀ ਸਾਂਝ ਪਾਈ ਹੈ। ਰਾਵੇ—ਸਿਮਰਦੀ ਹੈ। ਸਾਚੀ—ਸਦਾ ਕਾਇਮ ਰਹਿਣ ਵਾਲੀ। ਕਾਮਣਿ—ਜੀਵ-ਇਸਤ੍ਰੀ। ਰਵਿ ਰਹਿਆ—ਜੋ ਸਭ ਥਾਂ ਮੌਜੂਦ ਹੈ।2।ਅਰਥ:- ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ)। ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ)। ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।1। ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।2।