Baisakhi Mela at Takht Sri Damdama Sahib
Baisakhi 2022: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਹੈ। ਅੱਜ ਸ਼ਰਧਾਲੂ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰ ਰਹੇ ਹਨ ਤੇ ਗੁਰੂਘਰ ਮੱਥਾ ਟੇਕ ਕੇ ਅਸ਼ੀਰਵਾਦ ਲੈ ਰਹੇ ਹਨ। ਪਿਛਲੇ ਦਿਨਾਂ ਤੋਂ ਸ਼ੁਰੂ ਹੋਏ ਵਿਸਾਖੀ ਮੇਲੇ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸਿੱਖ ਵਿਦਵਾਨਾਂ ਵੱਲੋਂ ਕਥਾ, ਕੀਰਤਨ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ ਜਾ ਰਿਹਾ ਹੈ। ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸਿੱਖ ਇਤਿਹਾਸ ਦੀਆਂ ਵਾਰਾਂ ਗਾਈਆਂ ਜਾ ਰਹੀਆਂ ਹਨ।
ਅੱਜ ਸ਼੍ਰੋਮਣੀ ਅਕਾਲੀ ਦਲ, ਬਸਪਾ ਤੇ ਅਕਾਲੀ ਦਲ (ਅ) ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਕਾਨਫਰੰਸਾਂ ਨੂੰ ਸੰਬੋਧਨ ਕਰਨ ਲਈ ਇਨ੍ਹਾਂ ਪਾਰਟੀਆਂ ਦੇ ਵੱਡੇ ਆਗੂ ਪਹੁੰਚ ਰਹੇ ਹਨ। ਸੱਤਾਧਾਰੀ ਪਾਰਟੀ ‘ਆਪ’ ਤੇ ਵਿਰੋਧੀ ਧਿਰ ਕਾਂਗਰਸ ਨੇ ਮੇਲੇ ਮੌਕੇ ਆਪਣੀਆਂ ਕਾਨਫਰੰਸਾਂ ਕਰਨ ਤੋਂ ਪਾਸਾ ਵੱਟਿਆ ਹੈ। ਇਸ ਦੌਰਾਨ ਚੰਡੋਲ, ਝੂਲੇ ਤੇ ਹੋਰ ਮਨੋਰੰਜਕ ਸਾਧਨ ਮੇਲੀਆਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਮੇਲੇ ਦੀ ਸਮਾਪਤੀ 15 ਅਪਰੈਲ ਦੀ ਸ਼ਾਮ ਨੂੰ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ਨਾਲ ਹੋਵੇਗੀ।
ਉਧਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਖਾਲਸਈ ਰਹਿਣੀ ਦੇ ਧਾਰਨੀ ਬਣਨ ਲਈ ਪ੍ਰੇਰਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਰਾਹੀਂ ਖਾਲਸਾ ਸਾਜਨਾ ਦਿਵਸ ਦਾ ਇਤਿਹਾਸ ਦੱਸਿਆ ਤੇ ਸਿੱਖ ਭਾਈਚਾਰੇ ਨੂੰ ਇਸ ਦੀ ਵਧਾਈ ਦਿੱਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ 1699 ਈਸਵੀ ਦੀ ਵਿਸਾਖੀ ਵਾਲੇ ਦਿਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗ਼ੁਲਾਮੀ ਤੋਂ ਮੁਕਤ ਕਰ ਕੇ ਸਵੈਮਾਣ ਨਾਲ ਜਿਉਣ ਦਾ ਰਾਹ ਦਿਖਾਇਆ ਸੀ।
ਇਹ ਵੀ ਪੜ੍ਹੋਦੇਸ਼ 'ਚ ਬਿਜਲੀ ਸੰਕਟ ਹੋਰ ਡੂੰਘਾ ਹੋਣ ਦਾ ਖਦਸ਼ਾ, ਪੰਜਾਬ ਸਮੇਤ 10 ਸੂਬਿਆਂ 'ਚ ਕੋਲੇ ਦੀ ਕਮੀ: