ਅੰਮ੍ਰਿਤਸਰ: ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕਾ ਮਨਾਉਣ ਜਾ ਰਹੇ ਜੱਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕੇ ਜਾਣ ਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਕੇਂਦਰ ਸਰਕਾਰ ਨੇ ਕੋਰੋਨਾ ਤੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਦਿੱਤਾ ਸੀ। ਜਥੇ ਨੇ 18 ਫਰਵਰੀ ਨੂੰ ਪਾਕਿਸਤਾਨ ਰਵਾਨਾ ਹੋਣਾ ਸੀ। ਇਸ ਮੁੱਦੇ ਸਬੰਧੀ ਅੱਜ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।

ਮਜੀਠੀਆ ਨੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਹੀ ਨਹੀਂ ਬਲਕਿ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਵਾਲ ਚੁੱਕਦੇ ਹੋਏ ਪੁੱਛਿਆ ਕਿ ਕੀ ਸਰਕਾਰ ਕੁੰਭ ਵਰਗੇ ਮੇਲੇ ਨੂੰ ਵੀ ਕੋਰੋਨਾ ਦਾ ਹਵਾਲਾ ਦੇ ਕੇ ਰੋਕੇਗੀ?

ਉਧਰ, ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ, "ਜਥੇ ਨੂੰ ਰੋਕੇ ਜਾਣ ਨਾਲ ਮਨ ਨੂੰ ਕਾਫੀ ਠੇਸ ਪਹੁੰਚੀ ਹੈ। ਇਹ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਕੋਰੋਨਾ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਜੋ ਬਹੁਤ ਗਲ਼ਤ ਹੈ। ਇਸ ਤੋਂ ਪਹਿਲਾਂ ਵੀ ਨਵੰਬਰ ਵਿੱਚ ਜਥਾ ਗਿਆ ਸੀ। ਕਿਸਾਨ ਅੰਦੋਲਨ ਵਿੱਚ ਸਿੱਖਾਂ ਦੇ ਸ਼ਾਮਲ ਹੋਣ ਕਾਰਨ ਇਸ ਜਥੇ ਨੂੰ ਜਾਣ ਤੋਂ ਰੋਕਿਆ ਗਿਆ ਸੀ। ਸਾਰੀਆਂ ਰਾਜਨਤਿਕ ਪਾਰਟੀਆਂ ਨੂੰ ਅਪੀਲ ਹੈ ਕਿ ਉਹ ਇਸ ਮੁੱਦੇ ਨੂੰ ਸੰਸਦ ਵਿੱਚ ਚੁੱਕਣ।"