ਚੰਡੀਗੜ੍ਹ: ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਲਈ ਪਾਕਿਸਤਾਨ ਕੋਲ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਰਤ ਵਾਲੇ ਪਾਸੇ ਕਾਰੀਡੋਰ ਉਸਾਰਿਆ ਜਾਏਗਾ। ਇਹ ਫੈਸਲਾ ਅੱਜ ਦਿੱਲੀ ਵਿੱਚ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਾਰੀਆਂ ਸਿਆਸੀ ਪਾਰਟੀਆਂ ਤੇ ਧਾਰਮਿਕ ਜਥੇਬੰਦੀਆਂ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਇਸ ਦਾ ਸਿਹਰਾ ਆਪਣੇ ਸਿਰ ਬੰਨ੍ਹਦੀਆਂ ਦਿਖਾਈ ਦਿੱਤੀਆਂ।
ਕਾਂਗਰਸ ਨੇ ਬੰਨ੍ਹਿਆ ਆਪਣੇ ਸਿਰ ਸਿਹਰਾ
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੈਪਟਨ ਤੇ ਕੇਂਦਰ ਸਰਕਾਰ ਨੂੰ ਵਧਾਈ ਦਿੱਤੀ। ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿਦਰ ਸਿੰਘ 2002 ਤੋਂ ਲਗਾਤਾਰ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਬਾਰੇ ਲਿਖਦੇ ਆ ਰਹੇ ਹਨ ਜਿਸ ਨੂੰ ਅੱਜ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਮਿਲੀ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਕਾਂਗਰਸ ਕਰਕੇ ਇਸ ਲਾਂਘੇ ਨੂੰ ਕੇਂਦਰ ਵੱਲੋਂ ਪ੍ਰਵਾਨਗੀ ਦੇਣੀ ਪਈ।
ਅੰਮ੍ਰਿਤਸਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਇੱਕ ਇਨਸਾਨੀਅਤ ਦੇ ਹੱਕ ਵਿੱਚ ਵੱਡਾ ਫੈਸਲਾ ਹੈ। ਔਜਲਾ ਨੇ ਨਾਲ ਹੀ ਆਖਿਆ ਕਿ ਕਾਂਗਰਸ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇਸ ਕਾਰੀਡੋਰ ਨੂੰ ਖੁਲ੍ਹਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਸਨ। ਉਹ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਇਸ ਮਸਲੇ ਨੂੰ ਲਗਾਤਾਰ ਉਠਾਉਂਦੇ ਆਏ ਹਨ। ਇਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਸਿੱਖਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਪੂਰੀ ਹੋ ਜਾਵੇਗੀ। ਇਸ ਨਾਲ ਸਿੱਖ ਸੰਗਤਾਂ ਸਮੇਤ ਭਾਰਤ ਵਾਸੀ ਇਸ ਗੁਰਧਾਮ ਦੇ ਦਰਸ਼ਨ ਕਰ ਸਕਣਗੇ। ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਮੁੱਦੇ 'ਤੇ ਕੀਤੇ ਗਏ ਉਪਰਾਲਿਆਂ ਬਾਰੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਕੋਈ ਵੀ ਹੋਵੇ, ਇਸ ਲਈ ਜਿਸ ਕਿਸੇ ਨੇ ਵੀ ਉਪਰਾਲਾ ਕੀਤਾ, ਉਹ ਵਧਾਈ ਦਾ ਪਾਤਰ ਹੈ। ਇਸ ਮੁੱਦੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਤੇ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਇਸ ਦਾ ਸਵਾਗਤ ਕਰਨਾ ਚਾਹੀਦਾ ਹੈ।