ਅੰਮ੍ਰਿਤਸਰ: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਣ ਵਾਲੀ ਸੰਗਤ ਲਈ ਵੀ ਸਖਤ ਨਿਯਮ ਲਾਗੂ ਕਰ ਦਿੱਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਘਰ ਮੱਥਾ ਟੇਕਣ ਆਉਣ ਵਾਲੀ ਸੰਗਤ ਵਾਸਤੇ ਮਾਸਕ ਪਹਿਨਣਾ ਜਾਂ ਮੂੰਹ ਢੱਕ ਕੇ ਰੱਖਣਾ ਲਾਜ਼ਮੀ ਕਰਾਰ ਦਿੱਤਾ ਹੈ।


ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਤੇ ਦਰਸ਼ਨੀ ਡਿਉਢੀ ਦੇ ਬਾਹਰ ਸ਼੍ਰੋਮਣੀ ਕਮੇਟੀ ਨੇ ਆਪਣੇ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ, ਜੋ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਮੂੰਹ ਢੱਕ ਕੇ ਰੱਖਣ ਲਈ ਆਖ ਰਹੇ ਸਨ।

ਪ੍ਰਬੰਧਕਾਂ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਵਾਸਤੇ ਪਹਿਲਾਂ ਵੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਹੀ ਇੱਥੇ ਸ਼ਰਧਾਲੂਆਂ ਨੂੰ ਹੱਥ ਸੈਨੇਟਾਈਜ਼ ਕਰਨ ਤੇ ਹਰੇਕ ਸ਼ਰਧਾਲੂ ਦੇ ਪਰਿਕਰਮਾ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਰੀਰਕ ਤਾਪਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਲੋੜੀਂਦੀਆਂ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।