ਪਰਮਜੀਤ ਸਿੰਘ ਦੀ ਰਿਪੋਰਟ
ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚੋਂ ਹੁੰਦੇ ਹੋਏ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਮਾਗਮਾਂ ਦਾ ਅੱਜ ਦੂਜਾ ਦਿਨ ਹੈ। 12 ਵਜੇ ਦੇ ਕਰੀਬ ਅਰੰਭ ਹੋਏ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਿਸ਼ੇਸ਼ 'ਤੇ ਹਾਜ਼ਰ ਸਨ।
ਗੌਰਤਲਬ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵੱਡੇ ਸਮਾਗਮ ਉਲੀਕੇ ਗਏ ਸਨ ਜੋ ਕਰੋਨਾ ਕਾਰਨ ਅੱਗੇ ਪਾ ਦਿੱਤੇ ਗਏ ਹਨ। ਇਸੇ ਤਰ੍ਹਾਂ ਨਗਰ ਕੀਰਤਨ ਦਾ ਰੂਟ ਵੀ ਸੀਮਤ ਰੱਖਿਆ ਗਿਆ ਹੈ। ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੀ ਵੱਡੇ ਪੱਧਰ 'ਤੇ ਨਗਰ ਕੀਰਤਨ ਸਜਾਇਆ ਜਾਣਾ ਸੀ ਪਰ ਕਰੋਨਾ ਕਾਰਨ ਉਸ ਨੂੰ ਵੀ ਰੱਦ ਕਰ ਦਿੱਤਾ ਗਿਆ।
ਸੰਗਤ ਨੂੰ ਇਹੀ ਅਪੀਲ ਕੀਤੀ ਜਾ ਰਹੀ ਹੈ ਕਿ ਘਰਾਂ ਚ ਰਹਿ ਕੇ ਟੀਵੀ ਮਾਧਿਅਮ ਰਾਹੀਂ ਹੀ ਆਪਣੀ ਹਾਜ਼ਰੀ ਲਵਾਈ ਜਾਵੇ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋ ਕੇ ਗੁਰੂ ਰਾਮਦਾਸ ਜੀ ਨਿਵਾਸ, ਚੌਕ ਪ੍ਰਾਗਦਾਸ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲਰਾਏ ਸਾਹਿਬ, ਗਲਿਆਰਾ, ਆਟਾ ਮੰਡੀ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ ਤੇ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਸੰਪੂਰਨ ਹੋਵੇਗਾ, ਜਿੱਥੇ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਹੋਇਆਂ ਸੀ।
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਕੱਲ੍ਹ ਹੋਵੇਗਾ। ਪ੍ਰਕਾਸ਼ ਅਸਥਾਨ ’ਤੇ ਸੁੰਦਰ ਦੀਪਮਾਲਾ ਤੇ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ। 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਨੂੰ ਸੁੰਦਰ ਦੀਪਮਾਲਾ ਨਾਲ ਰੁਸ਼ਨਾਇਆ ਗਿਆ ਹੈ ਤੇ ਵੱਖ ਵੱਖ ਤਰ੍ਹਾਂ ਦੇ ਫੁੱਲਾਂ ਦੀ ਸਜਾਵਟ ਵੀ ਸੰਗਤ ਦਾ ਮਨ ਮੋਹ ਰਹੀ ਹੈ।
ਇਸ ਦੇ ਨਾਲ ਹੀ ਸ਼ਹਿਰ ਅੰਦਰ ਸਜਾਵਟੀ ਗੇਟ ਤੇ ਕੇਸਰੀ ਝੰਡੀਆਂ ਵੀ ਲਾਈਆਂ ਹੋਈਆਂ ਹਨ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਕਾਰ ਸੇਵਾ ਵਾਲੇ ਮਹਾਂਪੁਰਖਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸੰਗਤ ਲਈ ਲੰਗਰ ਲਾਏ ਗਏ ਹਨ। ਇਸ ਇਤਿਹਾਸਕ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਨੂੰ ਵੀ ਖੂਬਸੂਰਤ ਦਿੱਖ ਦਿੱਤੀ ਗਈ ਹੈ, ਜਿਸ ਦੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਨੇ ਕਰਵਾਈ ਹੈ।
ਇਹ ਵੀ ਪੜ੍ਹੋ: PUBG Mobile India: ਭਾਰਤ ’ਚ ਛੇਤੀ ਵਾਪਸੀ ਕਰੇਗੀ PUBG, ਨਵੇਂ ਟੀਜ਼ਰ ਤੋਂ ਮਿਲੀ ਇਹ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904