ਦਿੱਲੀ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ’ਤੇ ਉਤਸ਼ਾਹ ਨਾਲ ਮਨਾਇਆ, ਸਪੀਕਰ ਉਮ ਬਿਰਲਾ ਵੀ ਹੋਏ ਨਤਮਸਤਕ
Delhi News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੂਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
Delhi News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੂਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਹੋਏ ਜਿਹਨਾਂ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਕਥਾ ਵਿਚਾਰਾਂ ਹੋਈਆਂ। ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ।
ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਕੀਤਾ ਗਿਆ। ਇਥੇ ਲੋਕ ਸਭਾ ਸਪੀਕਰ ਓਮ ਬਿੜਲਾ, ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਹੇਸ਼ ਵਰਮਾ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ।
ਇਸ ਮੌਕੇ ਸਪੀਕਰ ਓਮ ਬਿੜਲਾ ਨੇ ਕਿਹਾ ਕਿ ਉਹ ਇਸ ਪਾਵਨ ਪਵਿੱਤਰ ਦਿਹਾੜੇ ਦੀ ਸਮੁੱਚੀ ਮਨੁੱਖਤਾ ਨੂੰ ਵਧਾਈ ਦਿੰਦੇ ਹਨ ਤੇ ਇਸ ਗੱਲ ਦੀ ਖੁਸ਼ੀ ਹੈ ਕਿ ਗੁਰੂ ਸਾਹਿਬ ਵੱਲੋਂ ਵਿਖਾਏ ਪੂਰਨਿਆਂ ’ਤੇ ਚਲਦਿਆਂ ਸਿੱਖ ਕੌਮ ਅੱਜ ਦੇਸ਼ ਵਿਦੇਸ਼ ਵਿਚ ਮਨੁੱਖਤਾ ਦੀ ਸੇਵਾ ਕਰ ਰਹੀ ਹੈ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਸਿਰਫ ਸਿੱਖ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਮਨਾਉਂਦੀ ਹੈ।
ਉਹਨਾਂ ਕਿਹਾ ਕਿ ਅੱਜ ਸੰਗਤਾਂ ਸਵੇਰ ਤੋਂ ਹੀ ਗੁਰੂ ਜਸ ਗਾ ਕੇ ਸੰਗਤਾਂ ਗੁਰਪੁਰਬ ਮਨਾ ਰਹੀਆਂ ਹਨ। ਉਹਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਕਾਰਨ ਪਿਛਲੇ ਦੋ ਸਾਲ ਅਸੀਂ ਆਪਣੇ ਗੁਰੂਆਂ ਦੇ ਦਿਹਾੜੇ ਨਹੀਂ ਮਨਾ ਸਕੇ,ਉਸਦੀਆਂ ਕਮੀਆਂ ਪੂਰੀਆਂ ਹੋ ਰਹੀਆਂ ਹਨ।
ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਕਮੇਟੀ ਦੀ ਟੀਮ ਮਨੁੱਖਤਾ ਦੀ ਸੇਵਾ ਵਿਚ ਜੁਟੀ ਹੋਈ ਹੈ। ਜਿਥੇ ਗੁਰੂ ਘਰਾਂ ਵਿਚ ਨਿੱਤ ਨਵੇਂ ਪ੍ਰਾਜੈਕਟ ਮੁਕੰਮਲ ਕੀਤੇ ਜਾ ਰਹੇ ਹਨ, ਉਥੇ ਹੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜਿਥੇ ਮੈਮੋਗ੍ਰਾਫੀ ਟੈਸਟ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਉਥੇ ਹੀ ਬਾਲਾ ਸਾਹਿਬ ਹਸਪਤਾਲ ਲਈ ਲੋੜੀਂਦੀਆਂ ਸਾਰੀਆਂ ਮਨਜ਼ੂਰੀਆਂ ਮਿਲ ਗਈਆਂ ਹਨ ਤੇ ਇਹ ਹਸਪਤਾਲ 1 ਜਨਵਰੀ 2023 ਤੋਂ ਪਹਿਲਾਂ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ।ਹਸਪਤਾਲ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਜਿਥੇ ਧਰਮ ਪ੍ਰਚਾਰ ਦੇ ਖੇਤਰ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ ਬਾਣੀਆਂ ਨੂੰ ਘਰ ਘਰ ਪਹੁੰਚਾਉਣ ਵਾਸਤੇ ਉਪਰਾਲੇ ਕਰ ਰਹੇ ਹਾਂ, ਉਥੇ ਹੀ ਉਹਨਾਂ 36 ਬਾਣੀਕਾਰਾਂ ਦੇ ਸਮਾਗਮ ਵੀ ਕਰਵਾ ਰਹੇ ਹਾਂ ਜਿਹਨਾਂ ਸੰਤਾਂ ਮਹਾਂਪੁਰਖਾਂ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ।
ਉਹਨਾਂ ਦੱਸਿਆ ਕਿ ਕਮੇਟੀ ਦੀ ਮੌਜੂਦਾ ਟੀਮ ਨੇ ਸੰਗਤਾਂ ਦੇ ਸਹਿਯੋਗ ਨਾਲ ਅਨੇਕਾਂ ਵੱਡੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਮੌਜੂਦਾ ਟੀਮ ਨੇ ਸਕੂਲ ਸਟਾਫ ਦੇ ਕਈ ਕਈ ਸਾਲ ਪੈਂਡਿੰਗ ਪਏ ਬਕਾਏ ਅਦਾ ਕੀਤੇ। ਇਸੇ ਤਰੀਕੇ 18 ਸਾਲ ਬਾਅਦ ਅੰਤਰ ਸਕੂਲ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।