ਪਰਮਜੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ: ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼-ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵੱਲੋਂ ਪੰਜਾਬ ਸਰਕਾਰ, ਸੱਭਿਆਚਾਰਕ ਮਾਮਲੇ ਅਤੇ ਪੁਰਾਤੱਤਵ ਵਿਭਾਗ ਦੇ ਸਹਿਯੋਗ ਨਾਲ ਵਿਰਾਸਤ-ਏ-ਖ਼ਾਲਸਾ ਦੇ ਪ੍ਰਦਰਸ਼ਨੀ ਹਾਲ ਵਿੱਚ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੇ ਜੀਵਨ 'ਤੇ ਆਧਾਰਿਤ ਖ਼ੋਜ ਪ੍ਰਦਰਸ਼ਨੀ ਲਗਾਕੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ 42 ਟਰਾਂਸਲਾਈਟਾਂ ਰਾਹੀਂ ‘ਰਬਾਬ ਤੋਂ ਨਗਾਰਾ’ ਤਕ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਗੁਰੂ ਸਾਹਿਬ ਵੱਲੋਂ ਆਪਣੇ ਜੀਵਨ ਕਾਲ ਦੌਰਾਨ ਦਿੱਤੀਆਂ ਸਿੱਖਿਆਵਾਂ ਅਤੇ ਦਿਖਾਈ ਰੌਸ਼ਨੀ ਨਾਲ ਸਾਡੀ ਅੱਜ ਦੀ ਪੀੜ੍ਹੀ ਨੂੰ ਨਵੀਂ ਦਿਸ਼ਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਵਿਰਾਸਤ-ਏ-ਖ਼ਾਲਸਾ ਦੇ ਪ੍ਰਦਰਸ਼ਨੀ ਹਾਲ ਵਿੱਚ ਸੰਸਥਾ ਵੱਲੋਂ ਲਗਾਈ ਖੋਜ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਉਪਰੰਤ ਵਿਰਸਾਤ-ਏ-ਖ਼ਾਲਸਾ ਦੇ ਆਡੋਟੋਰੀਅਮ ਵਿੱਚ ਹਾਜਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਡਾ. ਐਸ.ਐਸ. ਜੌਹਲ ਵੀ ਸਨ।

ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਰਬਾਬ ਦੇ ਰਾਹੀਂ ਸਮੁੱਚੀ ਲੋਕਾਈ ਨੂੰ ਜਾਣਕਾਰੀ ਦੀ ਰੌਸ਼ਨੀ ਦਿਖਾਈ ਹੈ। ਉਹ ਬਗਦਾਦ, ਮੱਕਾ, ਹਰਿਦੁਆਰ ਅਤੇ ਦੱਖਣ ਵੱਲ ਗਏ, ਜਿੱਥੇ ਭਿੰਨ-ਭਿੰਨ ਬੋਲੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੇ ਸੰਗੀਤ ਰਾਹੀਂ ਲੋਕਾਂ ਨੂੰ ਮਾਨਵਤਾ ਦੇ ਕਲਿਆਣ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਦਾ ਜੋ ਖਾਕਾ ਤਿਆਰ ਕੀਤਾ ਉਸ ਵਿੱਚ ਬਾਕੀ ਗੁਰੂ ਸਾਹਿਬਾਨਾਂ ਨੇ ਰੰਗ ਭਰ ਕੇ ਸਮੂਚੀ ਮਾਨਵਤਾ ਨੂੰ ਰੌਸ਼ਨੀ ਵਿਖਾਈ ਹੈ।

ਉਨ੍ਹਾਂ ਕਿਹਾ ਕਿ ਸਾਡੇ ਧਰਮ ਅਤੇ ਇਤਿਹਾਸ ਬਾਰੇ ਹੋਰ ਖੋਜ ਕਰਕੇ ਤੱਥਾਂ ਨੂੰ ਉਜਾਗਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਪੰਜ ਸਦੀਆਂ ਤੋਂ ਵੀ ਪਹਿਲਾਂ, ਜੋ ਸੁਨੇਹਾ ਗੁਰੂ ਸਾਹਿਬਾਨ ਨੇ ਦਿੱਤਾ ਉਸ ਬਾਰੇ ਸਾਡੀ ਪੀੜ੍ਹੀ ਜਾਣੂੰ ਹੋ ਸਕੇ। ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਰਬਾਬ ਤੋਂ ਨਗਾਰਾ ਇਕ ਅਜਿਹਾ ਉਪਰਾਲਾ ਹੈ ਜਿਸ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਸੇਧ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਵਰਗੀਆਂ ਸੰਸਥਾਵਾਂ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਵੇ।