Hemkund Sahib Yatra 2025: ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਉੱਤਰਾਖੰਡ ਸਥਿਤ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹ ਗਏ ਹਨ। ਅੱਜ ਲਗਪਗ 4500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ। ਇਹ ਜਥਾ ਸ਼ਨੀਵਾਰ ਨੂੰ ਗੁਰਦੁਆਰਾ ਗੋਬਿੰਦ ਘਾਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਸੀ ਤੇ ਰਾਤ ਗੁਰਦੁਆਰਾ ਗੋਬਿੰਦ ਧਾਮ ਵਿੱਚ ਵਿਸ਼ਰਾਮ ਕੀਤਾ। ਅੱਜ ਸਵੇਰੇ ਪਹਿਲੀ ਅਰਦਾਸ ਹੋਈ ਤੇ ਸਾਲਾਨਾ ਯਾਤਰਾ ਦੀ ਸ਼ੁਰੂਆਤ ’ਤੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। 

ਸ਼ਨੀਵਾਰ ਨੂੰ ਗੁਰਦੁਆਰਾ ਗੋਬਿੰਦ ਘਾਟ ਵਿੱਚ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਧਾਰਮਿਕ ਰੀਤੀ ਰਿਵਾਜਾਂ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਸ਼ਰਧਾਲੂਆਂ ਨੇ ਲਗਪਗ 13 ਕਿਲੋਮੀਟਰ ਦੂਰ ਤੇ ਕਰੀਬ 10 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਗੋਬਿੰਦ ਧਾਮ ਘਾਗਰੀਆ ਪੁੱਜਣ ਉਪਰੰਤ ਰਾਤ ਨੂੰ ਵਿਸ਼ਰਾਮ ਕੀਤਾ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਗੁਰਦੁਆਰਾ ਗੋਬਿੰਦ ਘਾਟ ਵਾਂਗ ਹੀ ਗੁਰਦੁਆਰਾ ਗੋਬਿੰਦ ਧਾਮ ਤੇ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ, ਜਿੱਥੇ ਸਵੇਰੇ ਸੰਗਤਾਂ ਪੁੱਜਣਗੀਆਂ ਤੇ ਗੁਰੂ ਘਰ ਦੇ ਪਹਿਲੇ ਦਰਸ਼ਨ ਕਰਨਗੀਆਂ। ਰਸਤੇ ਤੋਂ ਬਰਫ ਹਟਾਈ ਗਈ ਹੈ ਤੇ ਸੰਗਤਾਂ ਦੀ ਸਹੂਲਤ ਲਈ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। 

ਪ੍ਰਬੰਧਕੀ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਗੁਰਦੁਆਰਾ ਰਿਸ਼ੀਕੇਸ਼ ਤੋਂ ਆਰੰਭ ਹੋਈ ਯਾਤਰਾ ਦੌਰਾਨ ਜਥਾ ਗੁਰਦੁਆਰਾ ਗੋਬਿੰਦ ਘਾਟ ਪੁੱਜਿਆ ਸੀ ਤੇ ਸ਼ਨੀਵਾਰ ਸਵੇਰੇ ਗੁਰਦੁਆਰਾ ਗੋਬਿੰਦ ਧਾਮ ਲਈ ਰਵਾਨਾ ਹੋਇਆ। ਇਸ ਨੂੰ ਰਵਾਨਾ ਕਰਨ ਲਈ ਬਦਰੀਨਾਥ ਧਾਮ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਤੇ ਹੋਰ ਪਤਵੰਤੇ ਪੁੱਜੇ ਹੋਏ ਸਨ। ਜੈਕਾਰਿਆਂ ਦੀ ਗੂੰਜ ਵਿੱਚ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜਥਾ ਰਵਾਨਾ ਹੋਇਆ, ਜੋ ਅੱਜ ਹੇਮਕੁੰਟ ਸਾਹਿਬ ਪੁੱਜਾ।

ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਲਗਪਗ 4500 ਸ਼ਰਧਾਲੂਆਂ ਦੇ ਪਹਿਲੇ ਜਥੇ ਨੇ ਸਵੇਰੇ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ। ਜਦੋਂਕਿ 400 ਤੋਂ ਵੱਧ ਸ਼ਰਧਾਲੂ ਇੱਥੇ ਗੁਰਦੁਆਰਾ ਗੋਬਿੰਦ ਘਾਟ ਵਿੱਚ ਹੋਰ ਪੁੱਜੇ ਹੋਏ ਹਨ ,ਜੋ ਅੱਜ ਗੋਬਿੰਦ ਧਾਮ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਟਰੱਸਟ ਵੱਲੋਂ ਸਰਕਾਰ ਦੇ ਸਹਿਯੋਗ ਨਾਲ ਸ਼ਰਧਾਲੂਆਂ ਲਈ ਹਰ ਲੋੜੀਂਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ।