ਅੰਮ੍ਰਿਤਸਰ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਅਰਦਾਸ ਤੇ ਕੀਰਤਨ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵਿਦੇਸ਼ੀ ਦੌਰੇ 'ਤੇ ਹੋਣ ਕਰਕੇ ਸਮਾਗਮਾਂ ਵਿੱਚ ਹਿੱਸਾ ਨਹੀਂ ਲੈ ਸਕੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਲੀਡਰ ਜਥੇਦਾਰ ਤੋਤਾ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਉੱਤੇ ਚਰਚਾ ਕੀਤੀ ਤੇ ਕੁਝ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਉੱਪਰ ਚੁੱਕੇ ਜਾਂਦੇ ਸਵਾਲਾਂ ਦੇ ਜਵਾਬ ਦੇਣ ਸਬੰਧੀ ਵੀ ਚਰਚਾ ਹੋਈ। ਅਗਲੇ ਵਰ੍ਹੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦਿਵਸ ਦੀ ਸ਼ਤਾਬਦੀ ਮਨਾਈ ਜਾਵੇਗੀ।