ਲਾਹੌਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ। ਸਮਾਗਮ ਵਿੱਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਤਾਰਾ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਬੇਹੱਦ ਸਤਿਕਾਰ ਵਾਲਾ ਹੈ। ਇਥੇ ਸਿੱਖੀ ਦਾ ਨਿਕਾਸ, ਵਿਕਾਸ ਤੇ ਵਿਗਾਸ ਹੋਇਆ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਹੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸੁਤੰਤਰ ਸਿੱਖ ਰਾਜ ਕਾਇਮ ਕੀਤਾ ਅਤੇ 1799 ਈ: ਵਿਚ ਲਾਹੌਰ ਦੇ ਸ਼ਾਹੀ ਕਿਲ੍ਹੇ ’ਤੇ ਖ਼ਾਲਸਾਈ ਨਿਸ਼ਾਨ ਝੂਲਾਇਆ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਕੌਮ ਨੂੰ ਜਥੇਬੰਦਕ ਸ਼ਕਤੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ।

ਗਵਰਨਰ ਪੰਜਾਬ ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਸਿੱਖ ਕੌਮ ਵੱਲੋਂ ਵਿਸ਼ਵ ਅੰਦਰ ਕੀਤੀਆਂ ਪ੍ਰਾਪਤੀਆਂ ਨੂੰ ਵਡਿਆਇਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਧਰਮ ਨਿਰਪੱਖ ਰਾਜ ਸੀ, ਜਿਸ ਵਿਚ ਪ੍ਰਜਾ ਦੇ ਹਰ ਤਰ੍ਹਾਂ ਦੇ ਹੱਕ ਅਤੇ ਹਿੱਤ ਸੁਰੱਖਿਅਤ ਸਨ।

ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਸੌਂਪਿਆ। ਭਾਈ ਲੌਂਗੋਵਾਲ ਵੱਲੋਂ ਭੇਜੇ ਗਏ ਪੱਤਰ ਵਿਚ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਆਪਸੀ ਸਹਿਯੋਗ ਦੀ ਗੱਲ ਕੀਤੀ ਗਈ ਹੈ, ਜਿਸ ਨੂੰ ਪਾਕਿਸਤਾਨ ਕਮੇਟੀ ਨੇ ਨੇ ਵੀ ਸਹਿਮਤੀ ਦੇ ਦਿੱਤੀ ਹੈ।