ਅੰਮ੍ਰਿਤਸਰ: 1984 ਵਿੱਚ ਦਿੱਲੀ ਸਮੇਤ ਭਾਰਤ ਦੇ ਕਈ ਰਾਜਾਂ ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀ ਗੈਰ ਹਾਜ਼ਰ ਰਹੇ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਹੀ ਪੁੱਜ ਕੇ ਅਰਦਾਸ ਵਿੱਚ ਹਾਜ਼ਰੀ ਲਵਾਈ।


ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਜੈਬ ਸਿੰਘ ਅਭਿਆਸੀ ਤੇ ਭਗਵੰਤ ਸਿੰਘ ਸਿਆਲਕਾ ਮੌਜੂਦ ਰਹੇ।

ਸੂਚਨਾ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸੂਬੇ ਦੇ ਕਈ ਵੱਡੇ ਗੁਰਦੁਆਰਿਆਂ ਵਿੱਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਅਰਦਾਸ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।