ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕਰਦਿਆਂ ਆਖਿਆ ਕਿ ਉਹ ਪੰਥ ਦੀ ਚੜ੍ਹਦੀ ਕਲਾ ਤੇ ਏਕਤਾ ਦੇ ਲਈ ਹਮੇਸ਼ਾ ਕਾਰਜਸ਼ੀਲ ਰਹਿਣਗੇ।


ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਸਹਿਯੋਗ ਨਾਲ ਪੰਥਕ ਕਾਰਜ ਕਰਨ ਦੀ ਵਚਨਬਧਤਾ ਵੀ ਪ੍ਰਗਟਾਈ। ਭਾਈ ਲੌਂਗੋਵਾਲ ਨੇ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਧਰਮ ਪ੍ਰਚਾਰ ਲਈ ਹਰ ਸਿੱਖ ਜਥੇਬੰਦੀ ਦਾ ਸਹਿਯੋਗ ਲਿਆ ਜਾਵੇਗਾ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਗਲੇ ਸਾਲ ਆ ਰਿਹਾ 100 ਸਾਲਾ ਸਥਾਪਨਾ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਜੋ ਸ਼ਤਾਬਦੀ ਦਿਹਾੜਾ ਉਨ੍ਹਾਂ ਦੇ ਕਾਰਜਕਾਲ ਵਿਚ ਆ ਰਿਹਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਇਤਿਹਾਸ ਅਤੇ ਪ੍ਰਾਪਤੀਆਂ ਨੂੰ ਉਭਾਰਨ ਲਈ ਖੋਜ ਕਾਰਜ ਕਰਵਾਏ ਜਾਣਗੇ।


ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ। ਇਸ ਦੀ ਸਥਾਪਨਾ ਪਿੱਛੇ ਕੌਮ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ ਹੈ। ਇਸ ਵਿਲੱਖਣ ਅਤੇ ਗੌਰਵਮਈ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ ਅਤੇ ਖ਼ਾਸ ਸਮਾਗਮ ਵੀ ਉਲੀਕੇ ਜਾਣਗੇ। ਉਨ੍ਹਾਂ ਅਗਲੇ ਸਾਲ ਆ ਰਹੇ ਭਗਤ ਨਾਮਦੇਵ ਜੀ ਅਤੇ ਬੰਦੀ ਛੋੜ ਦਿਵਸ ਦੇ ਸ਼ਤਾਬਦੀ ਦਿਹਾੜਿਆਂ ਨੂੰ ਵੀ ਯਾਦਗਾਰੀ ਢੰਗ ਨਾਲ ਮਨਾਉਣ ਦੀ ਗੱਲ ਆਖੀ।


ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦਿਅਕ ਪਸਾਰ ਵੱਲ ਵੀ ਉਚੇਚਾ ਧਿਆਨ ਦੇਣ ਦੀ ਵਚਨਬਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਚੁਸਤ ਦਰੁਸਤ ਬਣਾਉਣ ਲਈ ਵੀ ਉਚੇਚੇ ਕਾਰਜ ਕੀਤੇ ਜਾਣਗੇ।