ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।


ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।


ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ। ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਚੀਨ ਦੀ ਸਰਹੱਦ ’ਤੇ ਅੰਮ੍ਰਿਤਧਾਰੀ ਗੁਰਸਿੱਖ ਨੇ ਜਿਸ ਤਰ੍ਹਾਂ ਆਪਣੀ ਕਿਰਪਾਨ ਨਾਲ ਦੁਸ਼ਮਣ ਦਾ ਸਾਹਮਣਾ ਕੀਤਾ, ਉਹ ਸ਼ਸਤਰ ਦੀ ਮਹਾਨਤਾ ਨੂੰ ਬਾਖੂਬੀ ਦਰਸਾਉਂਦਾ ਹੈ। ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ।


ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ।


ਇਹ ਵੀ ਪੜ੍ਹੋ: https://punjabi.abplive.com/news/agriculture/farmers-protest-government-procurement-of-paddy-in-haryana-fell-to-a-record-7-74-lakh-metric-tonnes-627684/amp


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904