ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਦਰਬਾਰ ਸਾਹਿਬ ਵਿਖੇ ਰੌਣਕਾਂ ਲੱਗੀਆਂ ਹੋਈਆਂ ਹਨ। ਵੱਡੀ ਗਿਣਤੀ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ ਹਨ। ਸ੍ਰੀ ਦਰਬਾਰ ਸਾਹਿਬ ਅੰਦਰ ਵੀ ਨਜ਼ਾਰਾ ਅਲੌਕਿਕ ਦਿਖਾਈ ਦਿੱਤਾ।
ਸ੍ਰੀ ਦਰਬਾਰ ਸਾਹਿਬ ਅੰਦਰ ਅਲੌਕਿਕ ਜਲੌ ਸਜਾਏ ਗਏ। ਇਸ ਦਾ ਸੰਗਤਾਂ ਨੇ ਦਰਸ਼ਨ ਦਿਦਾਰੇ ਕਰਕੇ ਆਨੰਦ ਮਾਣਿਆ। ਸ੍ਰੀ ਦਰਬਾਰ ਸਾਹਿਬ ਦੀ ਸੁੰਦਰ ਸਜਾਵਟ ਕੀਤੀ ਗਈ ਹੈ ਤੇ ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ। ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਦੇਖਣ ਵਾਲਾ ਹੋਵੇਗਾ।
ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਸਮਾਗਮ ਸੁਲਤਾਨਪੁਰ ਲੋਧੀ ਵਿੱਚ ਕਰਵਾਇਆ ਜਾ ਰਿਹਾ ਹੈ ਪਰ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਸੰਗਤਾਂ ਪੁੱਜ ਰਹੀਆਂ ਹਨ। ਬੀਤੀ ਰਾਤ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਕਪਿਲ ਦੇਵ ਨਤਮਸਤਕ ਹੋਣ ਪੁੱਜੇ ਤੇ ਅੱਜ ਦੋ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਮਹੇਸ਼ ਵਰਮਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।