ਰੋਪੜ: ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ 7ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ।




ਭਾਈ ਨੌਨਿਹਾਲ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਈਸਰ ਸਿੰਘ ਹੈਦਰਾਬਾਦੀ ਦੇ ਕੀਰਤਨੀ ਜਥਿਆਂ ਤੇ ਭਾਈ ਸਤਵਿੰਦਰ ਸਿੰਘ ਕਥਾ ਵਾਚਕ, ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵੱਲੋਂ ਆਈਆਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।




ਸਮਾਗਮ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰੁ ਸਾਹਿਬ ਦੇ ਜੀਵਨ ਸਬੰਧੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ 'ਚ ਸ਼ੁੱਧ ਵਾਤਾਵਰਣ ਦੀ ਵਿਸ਼ੇਸ਼ ਅਹਿਮੀਅਤ ਹੈ। ਉਨ੍ਹਾਂ ਆਖਿਆ ਕਿ ਸਾਨੂੰ ਵਾਤਾਵਰਣ ਸਬੰਧੀ ਸਿੱਖਿਆ ਗੁਰਬਾਣੀ ਤੋਂ ਵਧੀਆ ਹੋਰ ਕੋਈ ਨਹੀਂ ਦੇ ਸਕਦਾ। ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਤਾ ਦਾ ਦਰਜਾ ਦੇ ਕੇ ਗੁਰਬਾਣੀ ਨੇ ਸਾਨੂੰ ਵਾਤਾਵਰਣ ਬਾਰੇ ਸੁਚੇਤ ਕੀਤਾ ਹੈ। ਇਸ ਲਈ ਸਾਨੂੰ ਵਾਤਾਵਰਣ ਦੀ ਸੰਭਾਲ ਗੁਰੂ, ਪਿਤਾ ਤੇ ਮਾਤਾ ਦੀ ਤਰ੍ਹਾਂ ਹੀ ਕਰਨੀ ਚਾਹੀਦੀ ਹੈ।




ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਵਾਤਾਵਰਣ ਦੀ ਸੰਭਾਲ ਲਈ ਸਾਡਾ ਮਾਰਗ ਦਰਸ਼ਨ ਕਰਦਾ ਹੈ, ਜਿਸ ਤੋਂ ਸੇਧ ਪ੍ਰਾਪਤ ਕਰ ਕੇ ਸਾਨੂੰ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ