Hola Mohalla 2022: ਖ਼ਾਲਸਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਮਨਾਉਣ ਲਈ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਹੈ। 14 ਤੋਂ 19 ਮਾਰਚ ਤੱਕ ਚੱਲਣ ਵਾਲੇ ਛੇ-ਰੋਜ਼ਾ ਹੋਲਾ-ਮਹੱਲਾ ਦਾ ਰਸਮੀ ਆਗਾਜ਼ ਸੋਮਵਾਰ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿੱਚ ਧਾਰਮਿਕ ਸਮਾਗਮ ਨਾਲ ਹੋਇਆ।



ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ਾਂ-ਵਿਦੇਸ਼ਾਂ ਦੀ ਸੰਗਤ ਨੂੰ ਅਪੀਲ ਕੀਤੀ ਗਈ ਕਿ ਉਹ ਖ਼ਾਲਸੇ ਦੇ ਕੌਮੀ ਤਿਉਹਾਰ ਵਿੱਚ ਸ਼ਿਰਕਤ ਕਰਨ ਦੇ ਲਈ ਵੱਧ-ਚੜ੍ਹ ਕੇ ਕੀਰਤਪੁਰ ਸਾਹਿਬ ਤੇ ਆਨੰਦਪੁਰ ਸਾਹਿਬ ਪੁੱਜਣ। ਉਨ੍ਹਾਂ ਕਿਹਾ ਕਿ ਸੰਗਤ ਦੀ ਆਮਦ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਦੱਸਣਯੋਗ ਹੈ ਕਿ ਹੋਲਾ ਮਹੱਲਾ ਦੋ ਪੜਾਵਾਂ ਵਿੱਚ ਮਨਾਇਆ ਜਾਂਦਾ ਹੈ। ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ ਤੇ ਦੂਜੇ ਪੜਾਅ ਮੌਕੇ ਸੰਗਤ ਆਨੰਦਪੁਰ ਸਾਹਿਬ ਪੁੱਜਦੀ ਹੈ। ਕੀਰਤਪੁਰ ਸਾਹਿਬ ਵਿੱਚ 16 ਮਾਰਚ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਜਿਸ ਦੇ ਨਾਲ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸੰਪੂਰਨਤਾ ਹੋਵੇਗੀ। 17 ਨੂੰ ਤਖ਼ਤ ਕੇਸਗੜ੍ਹ ਸਾਹਿਬ ਅਤੇ ਬਾਕੀ ਦੇ ਗੁਰੂ ਘਰਾਂ ਵਿੱਚ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 19 ਮਾਰਚ ਨੂੰ ਪਾਏ ਜਾਣਗੇ।

ਇਹ ਦਿਨ ਹੋਲੇ-ਮਹੱਲੇ ਦਾ ਸਭ ਤੋਂ ਮਹੱਤਵਪੂਰਨ ਦਿਨ ਹੁੰਦਾ ਹੈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਿਹੰਗ ਸਿੰਘ ਫੌਜਾਂ ਵੱਲੋਂ ਮਹੱਲਾ ਕੱਢਿਆ ਜਾਂਦਾ ਹੈ। ਮਹੱਲੇ ਵਾਲੇ ਦਿਨ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਪੁਰਾਤਨ ਸ਼ਸਤਰਾਂ ਦੇ ਨਾਲ ਘੋੜਿਆਂ-ਹਾਥੀਆਂ ’ਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿੱਚ ਪੁੱਜਦੀਆਂ ਹਨ, ਜਿੱਥੇ ਉਨ੍ਹਾਂ ਵੱਲੋਂ ਕਰਤੱਬ ਦਿਖਾਏ ਜਾਂਦੇ ਹਨ।

ਉਧਰ, ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸੋਨਾਲੀ ਗਿਰੀ ਨੇ ਬਲਾਕ ਸ੍ਰੀ ਆਨੰਦਪੁਰ ਸਾਹਿਬ ਦੇ ਸਰਕਾਰੀ ਤੇ ਨਿੱਜੀ ਵਿੱਦਿਅਕ ਅਦਾਰਿਆਂ ਵਿੱਚ 15 ਤੋਂ 19 ਮਾਰਚ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਜਿਹੜੇ ਵਿੱਦਿਅਕ ਅਦਾਰਿਆਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ। ਇਹ ਹੁਕਮ ਕੀਰਤਪੁਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲੇ ਮਹੱਲੇ ਦੇ ਮੱਦੇਨਜ਼ਰ ਕੀਤੇ ਗਏ ਹਨ।